ਪਟਿਆਲਾ ਨਿਊਜ਼: ਡਾ: ਬਲਬੀਰ ਸਿੰਘ ਵੱਲੋਂ ਸ਼ੁਰੂ ਕੀਤਾ ਗਿਆ ਮੋਬਾਈਲ ਮੈਡੀਕਲ ਯੂਨਿਟ *ਲੋਕਾਂ ਨੂੰ 24 ਘੰਟੇ ਮਿਲਣਗੀਆਂ ਸਿਹਤ ਸੇਵਾਵਾਂ – ਸਿਹਤ ਮੰਤਰੀ* *ਪੰਜਾਬ ਸਰਕਾਰ ਹਰ ਘਰ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ: ਡਾ: ਬਲਬੀਰ ਸਿੰਘ* ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਟੀਚੇ ਨੂੰ ਅੱਗੇ ਵਧਾਉਣ ਲਈ ਅੱਜ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ, ਪਟਿਆਲਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਪਟਿਆਲਾ ਵਾਸੀਆਂ ਨੂੰ 24 ਘੰਟੇ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਮੋਬਾਈਲ ਮੈਡੀਕਲ ਯੂਨਿਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਇਹ ਮੋਬਾਈਲ ਮੈਡੀਕਲ ਯੂਨਿਟ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਨਾਗਰਿਕ ਨੂੰ ਬਿਹਤਰ ਅਤੇ ਸਮੇਂ ਸਿਰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਦੂਰ ਨਾ ਜਾਣਾ ਪਵੇ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਤਬਦੀਲੀਆਂ ਲਿਆ ਰਹੀ ਹੈ ਅਤੇ ਆਮ ਲੋਕਾਂ ਨੂੰ ਮੁਫ਼ਤ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਨਵੀਆਂ ਸੁਵਿਧਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦਾ ਵਧੀਆ ਇਲਾਜ ਹੋ ਸਕੇ। ਸਮਾਗਮ ਦੌਰਾਨ ਸਿਹਤ ਵਿਭਾਗ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਕਰਮਚਾਰੀ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਰੀੜ੍ਹ ਦੀ ਹੱਡੀ ਵਾਂਗ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੀ ਹੈ। ਇਸ ਮੌਕੇ ਹਾਜ਼ਰ ਬਜ਼ੁਰਗਾਂ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਅਪਰੇਸ਼ਨਾਂ ਦਾ ਲਾਭ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਕਾਰਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਸਮਾਗਮ ਦੌਰਾਨ ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ”ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਸ਼ੈਲੀ ਜੇਤਲੀ, ਐਸ.ਐਮ.ਓ ਡਾ: ਪ੍ਰਨੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ |
