*•ਮੇਰੀ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡੇਟ ਨਿਸ਼ਾ ਭਾਰਤੀ ਜਲ ਸੈਨਾ ਵਿੱਚ ਬਤੌਰ ਅਫਸਰ ਸ਼ਾਮਲ ਹੋਈ*
*• ਅਮਨ ਅਰੋੜਾ ਨੇ ਭਾਰਤੀ ਜਲ ਸੈਨਾ ਵਿੱਚ ਉਜਵਲ ਭਵਿੱਖ ਲਈ ਨਿਸ਼ਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ*
ਚੰਡੀਗੜ੍ਹ, 29 ਮਈ:
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਲੜਕੀਆਂ ਲਈ, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡੇਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸਨੇ ਇੰਡੀਅਨ ਨੇਵਲ ਅਕੈਡਮੀ, ਇਜ਼ੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ।
ਦੱਖਣੀ ਜਲ ਸੈਨਾ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ ਵਾਈਸ ਐਡਮਿਰਲ ਸਮੀਰ ਸਕਸੈਨਾ ਨੇ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦੇਖੀ।
ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾ ਨਿਭਾਅ ਰਹੇ ਹਨ, ਜੋ ਭਾਰਤੀ ਜਲ ਸੈਨਾ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨਡ ਹਨ।
ਪੰਜਾਬ ਦੇ ਰੋਜ਼ਗਾਰ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਲੜਕੀਆਂ ਲਈ ਐਨਡੀਏ ਪ੍ਰੋਪਰਾਈਟਰੀ ਵਿੰਗ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਅਧੀਨ ਹੈ।
ਮਾਈ ਭਾਗੋ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬਾ ਸਰਕਾਰ ਦੀਆਂ ਹੋਰ ਲੜਕੀਆਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਕਰਨ ਦੇ ਯਤਨਾਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਨਵੇਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
———–
