ਚੰਡੀਗੜ੍ਹ/ਬਠਿੰਡਾ, 30 ਜੂਨ:
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਨ ਗਾਰਡਨ’ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।
ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ ‘ਪੋਸ਼ਨ ਗਾਰਡਨ’ ਸਥਾਪਤ ਕੀਤੇ ਜਾਣ। ਇਨ੍ਹਾਂ ਬਾਗਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਬੂਟੇ ਅਤੇ ਔਸ਼ਧੀ ਵਾਲੇ ਪੌਦੇ ਲਗਾਏ ਜਾਣਗੇ ਤਾਂ ਜੋ ਬੱਚਿਆਂ ਨੂੰ ਮਿਡ-ਡੇ-ਮੀਲ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲੇਗੀ ਅਤੇ ਉਹ ਖੇਤੀ ਅਤੇ ਕੁਦਰਤ ਨਾਲ ਵੀ ਜੁੜਨਗੇ।
ਉਨ੍ਹਾਂ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ-ਡੇ-ਮੀਲ ਅਤੇ ਪੌਸ਼ਟਿਕ ਭੋਜਨ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾ ਕੇ ਸਿਹਤਮੰਦ ਪੰਜਾਬ ਸਿਰਜਣ ਲਈ ਵਚਨਬੱਧ ਹੈ।
ਮੀਟਿੰਗ ਦੌਰਾਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਨ ਗਾਰਡਨ’ ਦੇ ਕੰਮ ਲਈ ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਜੰਗਲਾਤ ਵਿਭਾਗ ਅਤੇ ਹੋਰ ਵਿਭਾਗਾਂ ਦਾ ਸਹਿਯੋਗ ਲੈਣ।
ਇਸ ਮੌਕੇ ਚੇਅਰਮੈਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਸਟਾਫ਼ ਦੀ ਨਿਯਮਤ ਮੈਡੀਕਲ ਜਾਂਚ ਯਕੀਨੀ ਬਣਾਈ ਜਾਵੇ।
ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
