ਪੰਜਾਬ ਵਿੱਚ ਖੋਲ੍ਹਣਗੀਆਂ 2 ਡਿਜੀਟਲ ਯੂਨੀਵਰਸਿਟੀਆਂ; ਸਿੱਖਿਆ ਮੰਤਰੀ ਬੈਂਸ ਨੇ ਕੀਤਾ ਵੱਡਾ ਐਲਾਨ


ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਦੇਸ਼ ਅਤੇ ਦੁਨੀਆ ਵਿੱਚ ਸਿੱਖਿਆ ਦਾ ਧੁਰਾ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਦੋ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਆਗਾਮੀ ਮਾਨਸੂਨ ਸੈਸ਼ਨ ਵਿੱਚ ਬਿੱਲ ਪੇਸ਼ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੂਰੀ ਦੁਨੀਆ ਵਿੱਚ ਸਿੱਖਿਆ ਦਾ ਸਰੂਪ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਡਿਜੀਟਲ ਯੂਨੀਵਰਸਿਟੀਆਂ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਡੇ ਐਜੂਕੇਸ਼ਨ ਬਰਾਂਡ, ‘ਫਿਜ਼ਿਕਸ ਵਾਲਾ’ ਪੰਜਾਬ ਵਿੱਚ ਆਪਣੀ ਪਹਿਲੀ ਟੈਕ ਯੂਨੀਵਰਸਿਟੀ ਸਥਾਪਤ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ ‘ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ’ ਵੀ ਬਣਾਈ ਜਾ ਰਹੀ ਹੈ, ਜੋ ਵਿਸ਼ਵ ਪੱਧਰੀ ਯੂਨੀਵਰਸਿਟੀ ਹੋਵੇਗੀ। ਇਸ ਲਈ ਜ਼ਮੀਨ ਦੀ ਨਿਸ਼ਾਨਦੇਹੀ ਹੋ ਚੁੱਕੀ ਹੈ ਅਤੇ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਡਿਜੀਟਲ ਯੂਨੀਵਰਸਿਟੀਆਂ ਦੇ ਢਾਂਚੇ ਬਾਰੇ ਗੱਲ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਇਸ ਪ੍ਰਣਾਲੀ ਨਾਲ ਅਡਵਾਂਸ ਕਲਾਸਰੂਮ ਬਣਾਏ ਜਾਣਗੇ। ਜੇਕਰ ਕੋਈ ਯੂਨੀਵਰਸਿਟੀ ਮੁਹਾਲੀ ਵਿੱਚ ਹੋਵੇਗੀ ਤਾਂ ਗੁਰਦਾਸਪੁਰ ਜਾਂ ਹੋਰ ਦੂਰ-ਦੁਰਾਡੇ ਇਲਾਕਿਆਂ ਵਿੱਚ ਬੈਠਾ ਬੱਚਾ ਉੱਥੋਂ ਆਸਾਨੀ ਨਾਲ ਐਡਵਾਂਸ ਕੋਰਸ ਪੜ੍ਹ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਬਦਲਾਅ ਦੀ ਹਵਾ ਚੱਲ ਰਹੀ ਹੈ। ਕੋਈ ਸਮਾਂ ਸੀ ਜਦੋਂ ਪੰਜਾਬ ਦੇ ਬੱਚੇ ਵਿਦੇਸ਼ ਜਾਂਦੇ ਸਨ ਪਰ ਅੱਜ ਦੇਸ਼ ਦੇ 28 ਰਾਜਾਂ ਅਤੇ ਦੁਨੀਆ ਦੇ 70 ਤੋਂ ਵੱਧ ਦੇਸ਼ਾਂ ਦੇ ਬੱਚੇ ਪੰਜਾਬ ਵਿੱਚ ਆ ਕੇ ਪੜ੍ਹਾਈ ਕਰ ਰਹੇ ਹਨ। ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਪ੍ਰਾਇਮਰੀ ਅਤੇ ਉਚੇਰੀ ਸਿੱਖਿਆ ਵਿੱਚ ਨੰਬਰ ਇੱਕ ਬਣਾਉਣਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top