ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਕੇ 368 ਮੁਲਜ਼ਮ ਗ੍ਰਿਫਤਾਰ*
ਚੰਡੀਗੜ੍ਹ, 29 ਜੂਨ 2026:
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਰਾਜ ਪ੍ਰਬੰਧ ਵਿੱਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਰਹੀ ਹੈ।
ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 23 ਮਾਰਚ 2022 ਨੂੰ ਸ਼ੁਰੂ ਕੀਤੀ ਗਈ ਸੀ, ਇਹ ਪਹਿਲਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦੀ ਨਿਡਰਤਾ ਨਾਲ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16,950 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 10,951 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਸਨ ਅਤੇ ਇਨ੍ਹਾਂ ਸ਼ਿਕਾਇਤਾਂ ਨੂੰ ਬਣਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 1445 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਨਾਲ ਸਬੰਧਤ ਸਨ, ਜੋ ਕਿ ਲੋੜੀਂਦੀ ਕਾਰਵਾਈ ਲਈ ਸਬੰਧਤ ਜ਼ਿਲ੍ਹਾ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀਜ਼ ਨੂੰ ਭੇਜੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਇਨ੍ਹਾਂ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਹੁਣ ਤੱਕ ਦਰਜ 284 ਐਫ.ਆਈ.ਆਰਜ਼ ਵਿੱਚ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਰਿਸ਼ਵਤਖੋਰੀ ਮੁਕਤ ਬਣਾਉਣ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਦੇ ਰਹਿਣ।
ਇਹ ਪਹਿਲ ਇੱਕ ਉਪਭੋਗਤਾ-ਅਨੁਕੂਲ ਨਕਲੀ ਬੁੱਧੀ (AI) ਅਧਾਰਤ WhatsApp ਪਲੇਟਫਾਰਮ ਹੈ ਜੋ ਲੋਕਾਂ ਨੂੰ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦਾਇਰ ਕਰਨ ਲਈ ਹੈ। ਨਾਗਰਿਕ ਰਿਸ਼ਵਤ ਸਬੰਧੀ ਸ਼ਿਕਾਇਤਾਂ ਇਸ ਪਲੇਟਫਾਰਮ ‘ਤੇ 24 ਘੰਟੇ ਉਚਿਤ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ ਦਰਜ ਕਰਵਾ ਸਕਦੇ ਹਨ। ਇਸ ਪਲੇਟਫਾਰਮ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਸਮੇਂ ਸਿਰ ਨਿਪਟਾਰਾ ਕੀਤਾ ਜਾਂਦਾ ਹੈ, ਜਿਸ ਨਾਲ ਆਮ ਜਨਤਾ ਨੂੰ ਪਰੇਸ਼ਾਨੀ ਤੋਂ ਰਾਹਤ ਮਿਲਦੀ ਹੈ।
