ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਕੀਤਾ; ਲਗਭਗ 2,000 ਕਰਮਚਾਰੀਆਂ ਨੂੰ ਫਾਇਦਾ ਹੋਵੇਗਾ



ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ‘ਚ ਮੁਲਾਜ਼ਮ ਯੂਨੀਅਨ ਦੀ ਮੀਟਿੰਗ, ਯੂਨੀਅਨ ਨੇ ਸਮਾਪਤ ਕੀਤੀ ਹੜਤਾਲ

ਚੰਡੀਗੜ੍ਹ, 29 ਜੁਲਾਈ:

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਨਰੇਗਾ/ਵੀਬੀ ਜੀ ਰਾਮ ਜੀ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹਾਂ-ਪੱਖੀ ਗੱਲਬਾਤ ਅਤੇ ਆਪਸੀ ਸਹਿਮਤੀ ਰਾਹੀਂ ਸਫਲਤਾਪੂਰਵਕ ਹੱਲ ਕੀਤਾ। ਇਸ ਫੈਸਲੇ ਨੇ 30 ਜੁਲਾਈ ਤੋਂ ਰਾਜ ਭਰ ਵਿੱਚ ਵੀਬੀਜੀ ਰਾਮਜੀ ਪਹਿਲਕਦਮੀ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ ਅਤੇ ਮੁਲਾਜ਼ਮਾਂ ਦੀ ਕਰੀਬ ਦੋ ਮਹੀਨਿਆਂ ਤੋਂ ਚੱਲੀ ਆ ਰਹੀ ਹੜਤਾਲ ਨੂੰ ਖਤਮ ਕਰ ਦਿੱਤਾ ਹੈ।

ਇਹ ਮੀਟਿੰਗ ਪਿਛਲੇ ਕਈ ਹਫ਼ਤਿਆਂ ਤੋਂ ਚੱਲ ਰਹੀ ਚਰਚਾ ਦੇ ਨਤੀਜੇ ਵਜੋਂ ਹੋਈ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਭਾਈਵਾਲਾਂ ਨਾਲ ਸੇਵਾ ਸ਼ਰਤਾਂ, ਇਕਰਾਰਨਾਮੇ ਦੀ ਮਿਆਦ, ਵੀ.ਬੀ.ਜੀ. ਰਾਮਜੀ ਢਾਂਚੇ ਨੂੰ ਅਪਣਾਉਣ, ਮਿਹਨਤਾਨੇ ਅਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਤੋਂ ਬਾਅਦ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਨ੍ਹਾਂ ਫੈਸਲਿਆਂ ਨਾਲ ਪੰਜਾਬ ਭਰ ਦੇ ਲਗਭਗ 2,000 ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ।

ਮੀਟਿੰਗ ਤੋਂ ਬਾਅਦ ਬੋਲਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ, “ਸੂਬਾਈ ਸਰਕਾਰ ਗੱਲਬਾਤ, ਸਲਾਹ-ਮਸ਼ਵਰੇ ਅਤੇ ਸਹਿਮਤੀ ਰਾਹੀਂ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅੱਜ ਦਾ ਫੈਸਲਾ ਕਰਮਚਾਰੀਆਂ ਦੀ ਭਲਾਈ ਦੇ ਨਾਲ-ਨਾਲ ਪੰਜਾਬ ਭਰ ਵਿੱਚ ਵੀਬੀਜੀ ਰਾਮਜੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਪੇਂਡੂ ਵਿਕਾਸ ਨੂੰ ਹੋਰ ਮਜ਼ਬੂਤ ​​ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਵਿਚਾਰ-ਵਟਾਂਦਰੇ ਦੇ ਨਤੀਜਿਆਂ ‘ਤੇ ਤਸੱਲੀ ਪ੍ਰਗਟ ਕਰਦੇ ਹੋਏ, ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸ਼੍ਰੀ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦਾ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸੁਚਾਰੂ ਢੰਗ ਨਾਲ ਹੱਲ ਕਰਨ ਲਈ ਧੰਨਵਾਦ ਕੀਤਾ।

ਯੂਨੀਅਨ ਨੇ ਆਪਣੀ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਵੀ ਕੀਤਾ ਅਤੇ ਸੂਬੇ ਭਰ ਵਿੱਚ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਫੈਸਲੇ ਤੋਂ ਬਾਅਦ ਹੁਣ ਵੀ.ਬੀ.ਜੀ ਰਾਮ ਜੀ ਪਹਿਲਕਦਮੀ ਭਲਕੇ ਤੋਂ ਪੰਜਾਬ ਭਰ ਦੇ ਸਾਰੇ ਪਿੰਡਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਹੋ ਜਾਵੇਗੀ। ਸਾਰੇ ਕਰਮਚਾਰੀ ਬੁੱਧਵਾਰ ਤੋਂ ਆਪਣੀਆਂ ਡਿਊਟੀਆਂ ਮੁੜ ਸ਼ੁਰੂ ਕਰਨਗੇ ਅਤੇ ਪੇਂਡੂ ਪਰਿਵਾਰਾਂ ਲਈ ਸਮੇਂ ਸਿਰ ਉਜਰਤ ਰੁਜ਼ਗਾਰ ਯਕੀਨੀ ਬਣਾਉਣ, ਸਥਾਈ ਪੇਂਡੂ ਸੰਪਤੀਆਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਹੋਰ ਮਜ਼ਬੂਤ ​​ਕਰਨ ਲਈ ਪ੍ਰੋਗਰਾਮ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਉਮੀਦ ਪ੍ਰਗਟਾਈ ਕਿ ਵੀ.ਬੀ.ਜੀ. ਰਾਮਜੀ ਕਰਮਚਾਰੀਆਂ ਦੇ ਸਹਿਯੋਗ ਨਾਲ ਇਸ ਪਹਿਲਕਦਮੀ ਦੀ ਸਫ਼ਲ ਸ਼ੁਰੂਆਤ ਪੇਂਡੂ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰੇਗੀ, ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਪੰਜਾਬ ਸਰਕਾਰ ਦੇ ਸਮੁੱਚੇ, ਟਿਕਾਊ ਅਤੇ ਖੁਸ਼ਹਾਲ ਪੇਂਡੂ ਵਿਕਾਸ ਦ੍ਰਿਸ਼ਟੀਕੋਣ ਨੂੰ ਹੁਲਾਰਾ ਦੇਵੇਗੀ।

ਇਸ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਅਜੀਤ ਬਾਲਾਜੀ ਜੋਸ਼ੀ, ਸੰਯੁਕਤ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਅਮਿਤ ਤਲਵਾਰ ਅਤੇ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top