ਚੰਡੀਗੜ੍ਹ, 31 ਮਈ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ: ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਹੜ੍ਹਾਂ ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਅਗਾਊਂ ਕੁੱਲ 146 ਕਰੋੜ ਰੁਪਏ ਜਾਰੀ ਕੀਤੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਅਤੇ ਸੰਭਾਵੀ ਹੜ੍ਹਾਂ ਨਾਲ ਸਬੰਧਤ ਚੁਣੌਤੀਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਆਫ਼ਤ ਪ੍ਰਬੰਧਨ ਅਤੇ ਰਾਹਤ ਗਤੀਵਿਧੀਆਂ ਲਈ ਢੁਕਵੇਂ ਵਿੱਤੀ ਸਰੋਤਾਂ ਨਾਲ ਲੈਸ ਕਰਨ ਲਈ ਸਰਗਰਮ ਕਦਮ ਚੁੱਕੇ ਹਨ।
“ਹਰਦੀਪ ਸਿੰਘ ਮੁੰਡੀਆਂ ਨੇ ਵੇਰਵੇ ਸਾਂਝੇ ਕੀਤੇ ਕਿ ਸਰਕਾਰ ਨੇ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ 100 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਹ ਫੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸੇ ਵੀ ਸੰਭਾਵੀ ਕੁਦਰਤੀ ਆਫ਼ਤ ਨਾਲ ਤੁਰੰਤ ਨਜਿੱਠਣ ਵਿੱਚ ਮਦਦ ਕਰਨਗੇ।”
ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਅਤੇ ਤਿਆਰੀ ਉਪਾਵਾਂ ਲਈ 46 ਕਰੋੜ ਰੁਪਏ ਵਾਧੂ ਮਨਜ਼ੂਰ ਕੀਤੇ ਗਏ ਹਨ। ਇਸ ਅਲਾਟਮੈਂਟ ਤਹਿਤ ਹਰੇਕ ਜ਼ਿਲ੍ਹੇ ਨੂੰ ਕਿਸ਼ਤੀਆਂ, ਹੜ੍ਹਾਂ ਨਾਲ ਲੜਨ ਵਾਲੇ ਸਾਜ਼ੋ-ਸਾਮਾਨ, ਬਚਾਅ ਸਮੱਗਰੀ ਅਤੇ ਕਿਸੇ ਵੀ ਹੜ੍ਹ ਦੀ ਸਥਿਤੀ ਨਾਲ ਕੁਸ਼ਲਤਾ ਨਾਲ ਨਿਪਟਣ ਲਈ ਲੋੜੀਂਦੇ ਹੋਰ ਜ਼ਰੂਰੀ ਸਾਧਨਾਂ ਨਾਲ ਸਬੰਧਤ ਲੋੜਾਂ ਨੂੰ ਪੂਰਾ ਕਰਨ ਲਈ 2 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।
ਆਫ਼ਤ ਪ੍ਰਬੰਧਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਜ਼ਿਲ੍ਹਿਆਂ ਦੀਆਂ ਤਿਆਰੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੌਨਸੂਨ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਸਿਰ ਫੰਡ ਜਾਰੀ ਕਰਨ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਰੋਕਥਾਮ ਉਪਾਅ ਕਰਨ ਅਤੇ ਐਮਰਜੈਂਸੀ ਦੌਰਾਨ ਤੇਜ਼ੀ ਨਾਲ ਜਵਾਬ ਦੇਣ ਦੀ ਸਮਰੱਥਾ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ।
ਸ: ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਫ਼ਤ ਦੀ ਤਿਆਰੀ, ਜਨਤਕ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
