ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕੰਮਾਂ ਅਤੇ ਆਫ਼ਤ ਪ੍ਰਬੰਧਨ ਲਈ 146 ਕਰੋੜ ਰੁਪਏ ਐਡਵਾਂਸ



*ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ: ਹਰਦੀਪ ਸਿੰਘ ਮੁੰਡੀਆਂ*

ਵਿੱਤੀ ਸਾਲ 2026-27 ਦੌਰਾਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਅਤੇ ਵਾਧੂ ਰੁਪਏ। ਹੜ੍ਹ ਰੋਕੂ ਉਪਕਰਣਾਂ ਦੀ ਖਰੀਦ ਅਤੇ ਵਿਕਰੀ ਲਈ 46 ਕਰੋੜ ਰੁਪਏ।

*ਚੰਡੀਗੜ੍ਹ, 31 ਮਈ:*
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹੜ੍ਹ ਰੋਕੂ ਕੰਮਾਂ ਲਈ 146 ਕਰੋੜ ਰੁਪਏ ਦੀ ਐਡਵਾਂਸ ਜਾਰੀ ਕੀਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਵਰਗੀ ਕਿਸੇ ਵੀ ਸੰਭਾਵੀ ਆਫ਼ਤ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਦੇ ਨਾਲ-ਨਾਲ ਹੜ੍ਹਾਂ ਦੇ ਸੰਭਾਵੀ ਨੁਕਸਾਨ ਨੂੰ ਸਮੇਂ ਸਿਰ ਘਟਾਉਣ ਲਈ ਲੋੜੀਂਦੇ ਵਿੱਤੀ ਸਾਧਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵੀ ਕੁਦਰਤੀ ਆਫ਼ਤ ਕਾਰਨ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਿਸ਼ਤੀਆਂ, ਹੜ੍ਹ ਰੋਕੂ ਸਮੱਗਰੀ ਅਤੇ ਹੋਰ ਲੋੜੀਂਦੇ ਸਾਜ਼ੋ-ਸਾਮਾਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 46 ਕਰੋੜ ਰੁਪਏ ਦੀ ਵਾਧੂ ਰਾਸ਼ੀ ਵੀ ਜਾਰੀ ਕੀਤੀ ਗਈ ਹੈ। ਇਸ ਤਹਿਤ ਹਰੇਕ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਦੌਰਾਨ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਆਫ਼ਤ ਪ੍ਰਬੰਧਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀਆਂ ਤਿਆਰੀਆਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫੰਡ ਜਾਰੀ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਆਫ਼ਤਾਂ ਨਾਲ ਨਜਿੱਠਣ ਦੀ ਸਮਰੱਥਾ ਮਜ਼ਬੂਤ ​​ਹੋਵੇਗੀ।

ਸ: ਹਰਦੀਪ ਸਿੰਘ ਮੁੰਡੀਆ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਫ਼ਤ ਪ੍ਰਬੰਧਨ, ਸੂਬਾ ਵਾਸੀਆਂ ਦੀ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਸੂਬਾ ਵਾਸੀਆਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

Leave a Comment

Your email address will not be published. Required fields are marked *

Scroll to Top