ਪੁਲਿਸ, ਜੰਗਲਾਤ, ਫਾਇਰ ਸਰਵਿਸਿਜ਼, ਜੇਲ੍ਹਾਂ, ਹੋਮ ਗਾਰਡਜ਼ ਅਤੇ ਹੋਰ ਵਿਭਾਗਾਂ ਵਿੱਚ ਉੱਚ ਹੁਨਰਮੰਦ ਅਗਨੀਵੀਰਾਂ ਦੀਆਂ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਹਮੇਸ਼ਾ ਹੀ ਦੇਸ਼ ਦੀ ਤਲਵਾਰ ਬਾਂਹ ਰਿਹਾ ਹੈ ਅਤੇ ਸਾਡੇ ਨੌਜਵਾਨਾਂ ਦੀ ਦਲੇਰੀ ਅਤੇ ਕੁਰਬਾਨੀ ਨਾਲ ਦੇਸ਼ ਦੀ ਸੇਵਾ ਕਰਨ ਦੀ ਮਾਣਮੱਤੀ ਪਰੰਪਰਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਚੰਡੀਗੜ੍ਹ; 14 ਮਈ 2026:
ਅਗਨੀਪਥ ਸਕੀਮ ਤਹਿਤ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਪੰਜਾਬ ਪਰਤਣ ਵਾਲੇ ਅਗਨੀਵੀਰਾਂ ਦੇ ਮੁੜ ਵਸੇਬੇ ਦੇ ਉਦੇਸ਼ ਨਾਲ ਇੱਕ ਵੱਡੀ ਪਹਿਲ ਕਰਦਿਆਂ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਉਨ੍ਹਾਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਨੀਤੀ ਬਣਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਸਰਕਾਰ ਦੀਆਂ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਅਤੇ ਢਾਂਚੇ ਨੂੰ ਅੰਤਿਮ ਰੂਪ ਦੇਣ ਲਈ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਉੱਚ-ਪਾਵਰ ਕਮੇਟੀ ਦਾ ਗਠਨ ਕੀਤਾ ਹੈ।
ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਨੀਵੀਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਨੂੰ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਕਿਹਾ ਕਿ ਨੀਤੀਗਤ ਢਾਂਚੇ ਨੂੰ ਸਮਾਂਬੱਧ ਢੰਗ ਨਾਲ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਇਹ ਸਿੱਖਿਅਤ ਅਤੇ ਅਨੁਸ਼ਾਸਿਤ ਨੌਜਵਾਨ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਸਕਣ।
ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਿਜ਼ਰਵੇਸ਼ਨ ਨੀਤੀ ਦੇ ਬੁਨਿਆਦੀ ਰੂਪਾਂ ਨੂੰ ਵਿਆਪਕ ਰੂਪ ਵਿੱਚ ਤਿਆਰ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਕੇ ਵਾਪਸ ਪਰਤਣ ਵਾਲੇ ਅਗਨੀਵੀਰਾਂ ਦਾ ਅਰਥਪੂਰਨ ਪੁਨਰਵਾਸ ਕੀਤਾ ਜਾ ਸਕੇ ਅਤੇ ਉਹਨਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।”
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਰਾਖਵੇਂਕਰਨ ਅਤੇ ਅਗਨੀਵੀਰਾਂ ਦੀ ਭਰਤੀ ਸਬੰਧੀ ਸਿਫ਼ਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੀਨੀਅਰ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ ਸ੍ਰੀਵਾਸਤਵਾ ਦੀ ਇੱਕ ਕਮੇਟੀ ਦਾ ਗਠਨ ਕੀਤਾ ਹੈ।
ਅਗਨੀਵੀਰਾਂ ਦੀਆਂ ਯੋਗਤਾਵਾਂ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਵਣ ਗਾਰਡ, ਫਾਇਰ ਫਾਈਟਿੰਗ ਸੇਵਾਵਾਂ, ਜੇਲ੍ਹਾਂ, ਹੋਮ ਗਾਰਡਜ਼, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿੰਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਮਾਪਦੰਡਾਂ ਨੂੰ ਜਲਦੀ ਤੋਂ ਜਲਦੀ ਅੰਤਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਉੱਚ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਵਧੀਆ ਢੰਗ ਨਾਲ ਵਰਤਿਆ ਜਾ ਸਕੇ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਇਤਿਹਾਸਕ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਦੇਸ਼ ਦੇ ਭੋਜਨ ਦਾ ਕਟੋਰਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਤਲਵਾਰ ਬਾਂਹ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕ ਆਪਣੀ ਹਿੰਮਤ, ਲਚਕੀਲੇਪਣ ਅਤੇ ਉੱਦਮ ਦੀ ਭਾਵਨਾ ਲਈ ਵਿਸ਼ਵ ਭਰ ਵਿੱਚ ਪਛਾਣੇ ਜਾਂਦੇ ਹਨ।”
ਦੇਸ਼ ਦੀ ਰੱਖਿਆ ਵਿੱਚ ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ, “ਇਹ ਪੰਜਾਬ ਸਰਕਾਰ ਦੀ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।”
