ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਵੰਡ ਕੇ ਸਿਆਸੀ ਲਾਹਾ ਲੈਣਾ-ਹਰਪਾਲ ਚੀਮਾ


ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਫੇਰੀ ਤੋਂ ਬਹੁਤ ਉਮੀਦਾਂ ਸਨ ਪਰ ਪ੍ਰਧਾਨ ਮੰਤਰੀ ਦੇ ਭਾਸ਼ਣ ਨੇ ਉਨ੍ਹਾਂ ਉਮੀਦਾਂ ਨੂੰ ਨਿਰਾਸ਼ਾ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਭਾਸ਼ਣ ਨੇ ਇਹ ਪ੍ਰਭਾਵ ਦਿੱਤਾ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਲੋਕਾਂ ਦੇ ਅਸਲ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਸਿਰਫ ਭਾਰਤੀ ਜਨਤਾ ਪਾਰਟੀ ਦਾ ਸਿਆਸੀ ਏਜੰਡਾ ਪੇਸ਼ ਕਰਨ ਆਏ ਹਨ।

ਚੀਮਾ ਨੇ ਦੋਸ਼ ਲਾਇਆ ਕਿ ਭਾਸ਼ਣ ਦੌਰਾਨ ਸਮਾਜ ਵਿੱਚ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਵੰਡ ਕੇ ਸਿਆਸੀ ਲਾਹਾ ਲੈਣਾ ਹੈ, ਜਦਕਿ ਪੰਜਾਬ ਦੇ ਲੋਕ ਵਿਕਾਸ, ਭਾਈਚਾਰੇ ਅਤੇ ਆਪਣੇ ਹੱਕਾਂ ਨਾਲ ਜੁੜੇ ਮੁੱਦਿਆਂ ‘ਤੇ ਜਵਾਬ ਚਾਹੁੰਦੇ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਜਾਰੀ ਕਰਨ, ਹੜ੍ਹਾਂ ਦੌਰਾਨ ਐਲਾਨੀ ਵਿੱਤੀ ਸਹਾਇਤਾ ਅਤੇ ਹੋਰ ਲੰਬੇ ਸਮੇਂ ਤੋਂ ਬਕਾਇਆ ਰਾਸ਼ੀ ਬਾਰੇ ਐਲਾਨ ਕਰਨਗੇ। ਪਰ ਉਨ੍ਹਾਂ ਦੇ ਭਾਸ਼ਣ ਵਿੱਚ ਇਨ੍ਹਾਂ ਅਹਿਮ ਮੁੱਦਿਆਂ ਦਾ ਕੋਈ ਜ਼ਿਕਰ ਨਹੀਂ ਸੀ। ਚੀਮਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਵਿੱਤੀ ਮੰਗਾਂ ‘ਤੇ ਚੁੱਪ ਰਹਿਣ ਕਾਰਨ ਇਹ ਦੌਰਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਿਆ ਅਤੇ ਸਿਰਫ਼ ਚੋਣ ਸਟੰਟ ਬਣ ਕੇ ਰਹਿ ਗਿਆ |

Leave a Comment

Your email address will not be published. Required fields are marked *

Scroll to Top