ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਮੁੱਖ ਮੰਤਰੀ ਬਦਲਣ ਦੀ ਕੀਤੀ ਮੰਗ


ਚੰਡੀਗੜ੍ਹ, 3 ਮਈ : ਭਾਰਤੀ ਜਨਤਾ ਪਾਰਟੀ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲਣ ਦੀ ਮੰਗ ਕੀਤੀ ਹੈ। ਜਾਖੜ ਨੇ ਦੋਸ਼ ਲਾਇਆ ਕਿ ਹਾਲ ਹੀ ਦੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਵਤੀਰੇ ਨੇ-ਜਿੱਥੇ ਉਹ ਕਥਿਤ ਤੌਰ ‘ਤੇ ਨਸ਼ੇ ਵਿਚ ਧੁੱਤ ਹੋ ਕੇ ਪਹੁੰਚੇ ਸਨ-ਉਨ੍ਹਾਂ ਨੂੰ ਪੰਜਾਬ ਵਰਗੇ ਸੰਵੇਦਨਸ਼ੀਲ ਸਰਹੱਦੀ ਸੂਬੇ ਦੀ ਅਗਵਾਈ ਕਰਨ ਲਈ ਅਯੋਗ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਕਿਸੇ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ ਤਾਂ ਅਜਿਹੇ ਵਿਅਕਤੀ ਨੂੰ ਰਾਜ ਵਿੱਚ ਵਾਹਨ ਚਲਾਉਣ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਸੱਤਾਧਾਰੀ ਪਾਰਟੀ ਲੀਡਰਸ਼ਿਪ ਨਾਲ ਗੱਲ ਕਰਕੇ ਉਨ੍ਹਾਂ ਨੂੰ ਨਵਾਂ ਆਗੂ ਚੁਣਨ ਲਈ ਕਹਿਣ ਕਿਉਂਕਿ ਭਗਵੰਤ ਮਾਨ ਮੁੱਖ ਮੰਤਰੀ ਬਣੇ ਰਹਿਣ ਦਾ ਆਪਣਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਪਾਰਟੀ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਰਾਜਪਾਲ ਕੋਲ ਬੁਲਾ ਕੇ ਇਹ ਜਾਣਨ ਦੀ ਮੰਗ ਕੀਤੀ ਹੈ ਕਿ ਕੀ ਉਹ ਕਿਸੇ ਦਬਾਅ ਹੇਠ ਕੰਮ ਕਰ ਰਹੇ ਹਨ। ਭਰੋਸੇਯੋਗ ਸੂਤਰਾਂ ਅਨੁਸਾਰ 1 ਮਈ ਨੂੰ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦੋ ਮੰਤਰੀਆਂ ਤੋਂ ਇਲਾਵਾ ਮੁੱਖ ਸਕੱਤਰ ਨੂੰ ਵੀ ਕਥਿਤ ਤੌਰ ‘ਤੇ ਧਮਕਾਇਆ ਗਿਆ ਅਤੇ ਜ਼ਲੀਲ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਬੁਲਾ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਬਿਨਾਂ ਕਿਸੇ ਡਰ ਤੋਂ ਕਾਨੂੰਨ ਅਨੁਸਾਰ ਕੰਮ ਕਰ ਸਕਣ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਵੇ ਕਿ ਜੇਕਰ ਉਹ ਨਿਯਮਾਂ ਤਹਿਤ ਕੰਮ ਕਰਨਗੇ ਤਾਂ ਸੰਵਿਧਾਨ ਅਤੇ ਕੇਂਦਰ ਸਰਕਾਰ ਉਨ੍ਹਾਂ ਦੀ ਰਾਖੀ ਕਰੇਗੀ। ਜਾਖੜ ਨੇ ਇਹ ਵੀ ਕਿਹਾ ਕਿ ਮਜ਼ਦੂਰ ਦਿਵਸ ਮੌਕੇ ਬੁਲਾਇਆ ਗਿਆ ਵਿਧਾਨ ਸਭਾ ਸੈਸ਼ਨ ਸਿਰਫ਼ ਇੱਕ ਬਹਾਨਾ ਸੀ ਅਤੇ ਅਸਲ ਵਿੱਚ ਮੁੱਖ ਮੰਤਰੀ ਵੱਲੋਂ ਆਪਣੀ ਸੀਟ ਬਚਾਉਣ ਲਈ ਬੁਲਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸੈਸ਼ਨ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਵਿਧਾਇਕ ਰਮਨ ਅਰੋੜਾ ਨੂੰ ਪੁਲੀਸ ਸੁਰੱਖਿਆ ਦਿੱਤੀ ਗਈ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਸਰਕਾਰ ਭ੍ਰਿਸ਼ਟ ਲੋਕਾਂ ਨੂੰ ਪਾਲ ਰਹੀ ਹੈ ਅਤੇ ਆਪਣੇ ਵਿਧਾਇਕਾਂ ਨੂੰ ਭ੍ਰਿਸ਼ਟਾਚਾਰ ਕਰਨ ਦੇ ਰਹੀ ਹੈ। ਉਨ੍ਹਾਂ ਇਸ ਨੂੰ ਖ਼ਤਰਨਾਕ ਰੁਝਾਨ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੀ ਸੀਟ ਖੁੱਸਣ ਦੇ ਡਰੋਂ ਫ਼ੈਸਲੇ ਲੈ ਰਹੇ ਹਨ, ਜੋ ਉਨ੍ਹਾਂ ਦੀ ਸਹੁੰ ਦੇ ਖ਼ਿਲਾਫ਼ ਹੈ। ਨਸ਼ਿਆਂ ਦੀ ਜਨਗਣਨਾ ਦੇ ਮੁੱਦੇ ‘ਤੇ ਜਾਖੜ ਨੇ ਕਿਹਾ ਕਿ ਇਸ ਨਾਲ ਕੌਮਾਂਤਰੀ ਪੱਧਰ ‘ਤੇ ਪੰਜਾਬ ਦਾ ਨਾਂ ਬਦਨਾਮ ਹੋਵੇਗਾ ਅਤੇ ਸੂਬੇ ਨੂੰ ਨਸ਼ੇੜੀਆਂ ਦੇ ਕੇਂਦਰ ਵਜੋਂ ਦਰਸਾਇਆ ਜਾਵੇਗਾ। ਉਨ੍ਹਾਂ ਸਬੰਧਤ ਇਸ਼ਤਿਹਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਜਨਗਣਨਾ ਲਈ ਰੱਖੇ ਗਏ 250 ਕਰੋੜ ਰੁਪਏ ਦੀ ਵਰਤੋਂ ਆਮ ਆਦਮੀ ਪਾਰਟੀ ਵੱਲੋਂ ਕਮਿਸ਼ਨ ਕਮਾਉਣ ਲਈ ਕੀਤੀ ਜਾਵੇਗੀ, ਜੋ ਇਸ ਪਾਰਟੀ ਦੀ ਪਛਾਣ ਬਣ ਚੁੱਕੀ ਹੈ। ਉਨ੍ਹਾਂ ਇਹ ਸਵਾਲ ਵੀ ਉਠਾਇਆ ਕਿ ਮੁੱਖ ਮੰਤਰੀ ਦੀ ਤਸਵੀਰ ਨੌਜਵਾਨਾਂ ਨੂੰ ਕੀ ਸੰਦੇਸ਼ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਜਨਗਣਨਾ ਸਮੇਂ ਅਤੇ ਪੈਸੇ ਦੀ ਬਰਬਾਦੀ ਹੈ ਅਤੇ ਲੋੜ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੀ ਹੈ। ਮੁੱਖ ਮੰਤਰੀ ਨੂੰ ਬਦਲਣ ਦੇ ਸਵਾਲ ‘ਤੇ ਜਦੋਂ ਕਿ ਵਿਧਾਨ ਸਭਾ ‘ਚ ਭਰੋਸੇ ਦਾ ਮਤਾ ਪਾਸ ਹੋ ਚੁੱਕਾ ਹੈ ਅਤੇ ਛੇ ਮਹੀਨਿਆਂ ਲਈ ਬੇਭਰੋਸਗੀ ਮਤਾ ਨਹੀਂ ਲਿਆਂਦਾ ਜਾ ਸਕਦਾ, ਜਾਖੜ ਨੇ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਬਹੁਮਤ ਮੁੱਖ ਮੰਤਰੀ ਦੇ ਖਿਲਾਫ ਗਿਆ ਤਾਂ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਉਕਤ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦੋ ਸੀਨੀਅਰ ਮੰਤਰੀਆਂ ਅਤੇ ਮੁੱਖ ਸਕੱਤਰ ਨੂੰ ਜ਼ਲੀਲ ਕੀਤਾ ਗਿਆ, ਜਿਸ ਨਾਲ ਉਨ੍ਹਾਂ ਲਈ ਸਵੈ-ਮਾਣ ਲਈ ਅੱਗੇ ਆਉਣਾ, ਵਿਧਾਇਕਾਂ ਦਾ ਸਮਰਥਨ ਇਕੱਠਾ ਕਰਨਾ ਅਤੇ ਰਾਜਪਾਲ ਅੱਗੇ ਬਹੁਮਤ ਸਾਬਤ ਕਰਕੇ ਰਵੱਈਆ ਬਦਲਣ ਦੀ ਮੰਗ ਕਰਨਾ ਸੰਭਵ ਹੈ। ਸੰਦੀਪ ਪਾਠਕ ਵਿਰੁੱਧ ਦਰਜ ਐਫਆਈਆਰ ਬਾਰੇ ਪੁੱਛੇ ਜਾਣ ‘ਤੇ ਜਾਖੜ ਨੇ ਕਿਹਾ ਕਿ ਭਾਜਪਾ ਅਜਿਹੀਆਂ ਕਾਰਵਾਈਆਂ ਤੋਂ ਡਰਦੀ ਨਹੀਂ ਹੈ ਅਤੇ ਦੋਸ਼ ਲਾਇਆ ਕਿ ਇਹ ਕੇਸ ਸੱਤਾਧਾਰੀ ਪਾਰਟੀ ਦੇ ਅੰਦਰਲੇ ਲੋਕਾਂ ਨੂੰ ਡਰਾਉਣ ਅਤੇ ਪਾਰਟੀ ਛੱਡਣ ਤੋਂ ਰੋਕਣ ਲਈ ਦਰਜ ਕੀਤਾ ਗਿਆ ਹੈ। ਇਸ ਵਫ਼ਦ ਵਿੱਚ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਵਿਜੇ ਸਾਂਪਲਾ, ਸ਼ਵੇਤ ਮਲਿਕ, ਸੋਮ ਪ੍ਰਕਾਸ਼, ਫਤਿਹ ਜੰਗ ਬਾਜਵਾ, ਮਨਪ੍ਰੀਤ ਸਿੰਘ ਬਾਦਲ, ਸ੍ਰੀਮਤੀ ਪ੍ਰਨੀਤ ਕੌਰ, ਪਰਮਿੰਦਰ ਸਿੰਘ ਬਰਾੜ, ਕੇਵਲ ਸਿੰਘ ਢਿੱਲੋਂ, ਤੀਕਸ਼ਣ ਸੂਦ ਅਤੇ ਵਿਨੀਤ ਜੋਸ਼ੀ ਵੀ ਸ਼ਾਮਲ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top