*ਮੁਕੇਰੀ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ‘ਚ ਸ਼ਾਮਲ


ਮੁਕੇਰੀ ਦੇ ਕਈ ਕਾਂਗਰਸੀ ਸਰਪੰਚ ‘ਆਪ’ ‘ਚ ਸ਼ਾਮਲ, ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ

*ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਕੀਤਾ ਸਵਾਗਤ*

*ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ*

ਚੰਡੀਗੜ੍ਹ, 1 ਜੁਲਾਈ

ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ ’ਤੇ ਭਰੋਸਾ ਪ੍ਰਗਟ ਕਰਦਿਆਂ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਲੋਕ ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ ‘ਆਪ’ ਵੱਲ ਖਿੱਚੇ ਗਏ ਹਨ।

ਉਨ੍ਹਾਂ ਕਿਹਾ ਕਿ ‘ਆਪ’ ਪਰਿਵਾਰ ਦਾ ਇਹ ਲਗਾਤਾਰ ਵਾਧਾ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ ਵਿੱਚ ਲੋਕਾਂ ਦੇ ਵੱਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਆਗੂ ਸੱਚੇ ਮਨ ਨਾਲ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਅੱਗੇ ਆ ਕੇ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ।

ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ‘ਆਪ’ ਇਕਲੌਤੀ ਸਿਆਸੀ ਪਾਰਟੀ ਬਣ ਕੇ ਉਭਰੀ ਹੈ ਜੋ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਤਜ਼ਰਬੇਕਾਰ ਹੇਠਲੇ ਪੱਧਰ ਦੇ ਆਗੂਆਂ ਦੀ ਆਮਦ ਨਾਲ ਮੁਕੇਰੀਆਂ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ​​ਹੋਵੇਗਾ ਅਤੇ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦਾ ‘ਆਪ’ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।

Leave a Comment

Your email address will not be published. Required fields are marked *

Scroll to Top