ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨੇ ਸਰਹੱਦੀ ਸੁਰੱਖਿਆ, ਆਪਦਾ ਜਵਾਬ ਅਤੇ ਸੰਚਾਲਨ ਤਿਆਰੀ ਬਾਰੇ ਚਰਚਾ ਕੀਤੀ –


ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨੂੰ ਪੂਰਾ ਸਹਿਯੋਗ ਦੇਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰੱਖਿਆ ਚੁਣੌਤੀਆਂ ਅਤੇ ਐਮਰਜੈਂਸੀ ਨਾਲ ਨਜਿੱਠਣ ਲਈ ਮਜ਼ਬੂਤ ​​ਸਿਵਲ ਮਿਲਟਰੀ ਤਾਲਮੇਲ ਦੀ ਮੰਗ ਕੀਤੀ*

ਚੰਡੀਗੜ੍ਹ, 14 ਮਈ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਪੱਛਮੀ ਕਮਾਨ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੀਟਿੰਗ ਦੌਰਾਨ ਪੰਜਾਬ ਵਿੱਚ ਡੂੰਘੇ ਸਿਵਲ ਮਿਲਟਰੀ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਦੋਵਾਂ ਧਿਰਾਂ ਨੇ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਆਫ਼ਤ ਨਾਲ ਨਜਿੱਠਣ ਅਤੇ ਸੰਚਾਲਨ ਦੀਆਂ ਤਿਆਰੀਆਂ ‘ਤੇ ਤਾਲਮੇਲ ਮਜ਼ਬੂਤ ​​ਕਰਨ ਲਈ ਸਹਿਮਤੀ ਪ੍ਰਗਟਾਈ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਉੱਭਰ ਰਹੀਆਂ ਸੁਰੱਖਿਆ ਅਤੇ ਮਾਨਵਤਾਵਾਦੀ ਚੁਣੌਤੀਆਂ ਨਾਲ ਨਜਿੱਠਣ ਲਈ ਇੱਕ ਤਾਲਮੇਲ ਵਾਲੇ ਢਾਂਚੇ ਨੂੰ ਵਿਕਸਤ ਕਰਨ ‘ਤੇ ਵੀ ਧਿਆਨ ਦਿੱਤਾ ਗਿਆ।

ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਨ ਸੰਭਾਲਣ ਤੋਂ ਬਾਅਦ ਫੌਜ ਦੇ ਕਮਾਂਡਰ ਅਤੇ ਮੁੱਖ ਮੰਤਰੀ ਦਰਮਿਆਨ ਹੋਈ ਪਹਿਲੀ ਮੀਟਿੰਗ ਦੌਰਾਨ ਰਾਸ਼ਟਰੀ ਮਹੱਤਵ ਦੇ ਕਈ ਮੁੱਦਿਆਂ ‘ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਦੋਵੇਂ ਧਿਰਾਂ ਇਸ ਗੱਲ ‘ਤੇ ਸਹਿਮਤ ਹੋਈਆਂ ਕਿ ਸੰਚਾਲਨ ਸਮਰੱਥਾ ਨੂੰ ਹੋਰ ਵਧਾਉਣ ਅਤੇ ਰਾਸ਼ਟਰੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ।

ਪੰਜਾਬ ਦੀ ਰਣਨੀਤਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਲਗਭਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਵਾਲਾ ਇੱਕ ਸਰਹੱਦੀ ਸੂਬਾ ਹੈ, ਇਸ ਲਈ ਇਸ ਖੇਤਰ ਵਿੱਚ ਸਿਵਲ ਮਿਲਟਰੀ ਤਾਲਮੇਲ ਨੂੰ ਹੋਰ ਮਜ਼ਬੂਤ ​​ਕਰਨਾ ਬਹੁਤ ਜ਼ਰੂਰੀ ਹੈ।” ਉਨ੍ਹਾਂ ਨੇ ਤਾਲਮੇਲ ਵਾਲੀ ਨੀਤੀ ਬਣਾਉਣ ਅਤੇ ਮਜ਼ਬੂਤ ​​ਅੰਦਰੂਨੀ ਸੁਰੱਖਿਆ ਵਿਧੀ ਰਾਹੀਂ ਵਿਸ਼ਵਾਸ ਅਤੇ ਭਰੋਸੇ ਨੂੰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਆਪਸੀ ਅਤੇ ਨਿਰਪੱਖ ਰਣਨੀਤੀ ਬਣਾਉਣ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਰਾਸ਼ਟਰੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ੀ ਨਾਲ ਜਵਾਬ ਦੇਣ ਨੂੰ ਯਕੀਨੀ ਬਣਾਉਣ ਲਈ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਬਲਾਂ ਵਿਚਕਾਰ ਨਜ਼ਦੀਕੀ ਸਹਿਯੋਗ ਜ਼ਰੂਰੀ ਹੈ।

ਮੀਟਿੰਗ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਯੁਵਾ ਸਸ਼ਕਤੀਕਰਨ, ਅਗਨੀਵੀਰਾਂ ਦੇ ਮੁੜ ਵਸੇਬੇ ਅਤੇ ਸੰਚਾਲਨ ਤਿਆਰੀ ਨਾਲ ਜੁੜੇ ਮਹੱਤਵਪੂਰਨ ਭੂਮੀ ਗ੍ਰਹਿਣ ਮਾਮਲਿਆਂ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਆਫ਼ਤ ਪ੍ਰਬੰਧਨ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਕਰ ਰਹੇ ਫੌਜੀ ਜਵਾਨਾਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ ਗਈ।

ਹਥਿਆਰਬੰਦ ਬਲਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਵੱਲੋਂ ਕੀਤੀ ਹਰ ਪਹਿਲਕਦਮੀ ਲਈ ਰਾਜ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਵੀ.ਐਸ.ਐਮ., ਕਰਨਲ ਜਸਦੀਪ ਸੰਧੂ, ਮੁੱਖ ਦਫ਼ਤਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top