ਵਿਦਿਆਰਥੀਆਂ ਦੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ
ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਪੰਜਾਬ ਸਰਕਾਰ ਮੁਆਫ਼ ਨਹੀਂ ਕਰੇਗੀ: ਹਰਜੋਤ ਸਿੰਘ ਬੈਂਸ
• ਸਮਾਂਬੱਧ ਜਾਂਚ ਦੇ ਹੁਕਮ ਜਾਰੀ ਕਰਨਾ; ਦੋਸ਼ੀ ਪਾਏ ਜਾਣ ‘ਤੇ ਹੋਵੇਗੀ ਸਖ਼ਤ ਕਾਰਵਾਈ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 24 ਜੁਲਾਈ:
ਵਿਦਿਆਰਥਣਾਂ ਨਾਲ ਬਦਸਲੂਕੀ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਗਾ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਮੁੱਢਲੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।
ਛੇਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੋਸ਼ ਲਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਅਣਉਚਿਤ ਢੰਗ ਨਾਲ ਛੂਹਿਆ ਅਤੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ।
ਇਸ ਘਟਨਾ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰੇਕ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਨੂੰ ਧਮਕੀਆਂ ਦੇਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਮੁਆਫ਼ ਨਹੀਂ ਕਰੇਗੀ। ਇਸ ਮਾਮਲੇ ਦੀ ਸਮੇਂ ਸਿਰ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਭਰ ਦੇ ਹਰੇਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਕਿਸੇ ਵੀ ਸ਼ਿਕਾਇਤ ਨੂੰ ਤੁਰੰਤ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਮੁਅੱਤਲੀ ਦੀ ਮਿਆਦ ਦੌਰਾਨ ਦੋਸ਼ੀ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਦਾ ਦਫ਼ਤਰ ਉਨ੍ਹਾਂ ਦੇ ਮੁੱਖ ਦਫ਼ਤਰ ਵਜੋਂ ਨਿਸ਼ਚਿਤ ਕੀਤਾ ਗਿਆ ਹੈ, ਜਿੱਥੇ ਅਗਲੇ ਹੁਕਮਾਂ ਤੱਕ ਉਨ੍ਹਾਂ ਨੂੰ ਰੋਜ਼ਾਨਾ ਆਪਣੀ ਹਾਜ਼ਰੀ ਦੀ ਰਿਪੋਰਟ ਕਰਨੀ ਪਵੇਗੀ।
