ਅੰਮ੍ਰਿਤਸਰ, 24 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦਰਦਨਾਕ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਘਟਨਾ ਵਿੱਚ ਜਾਨਾਂ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਹਸਪਤਾਲ ਵਿੱਚ ਪਹੁੰਚ ਕੇ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਪੁੱਛਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰ ਐਤਵਾਰ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਦੀਆਂ ਹਨ | ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਇਸ ਅਸਥਾਨ ਵਿਖੇ ਸੇਵਾ ਕਰਵਾਈ ਜਾ ਰਹੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਮਾਰਤ ਦੇ ਲੈਂਟਰ ਲਈ ਤਾਰਾਂ ਤੋਂ ਤੇਜ਼ ਹਵਾ ਦੇ ਝੱਖੜ ਨਾਲ ਹੇਠਾਂ ਬੈਠੇ ਸ਼ਰਧਾਲੂਆਂ ‘ਤੇ ਕੁਝ ਪਲੇਟਾਂ ਡਿੱਗ ਗਈਆਂ।
ਉਨ੍ਹਾਂ ਨੇ ਪੀੜਤ ਔਰਤਾਂ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਇਸ ਘਟਨਾ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਬਾਬਾ ਭੂਰੀਵਾਲਾ ਨੇ ਮਨੁੱਖੀ ਹਮਦਰਦੀ ਵਜੋਂ ਮ੍ਰਿਤਕ ਔਰਤਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ: ਏ.ਪੀ ਸਿੰਘ ਨੇ ਦੱਸਿਆ ਕਿ ਹਸਪਤਾਲ ਦੇ ਮਾਹਿਰ ਡਾਕਟਰ ਜ਼ਖ਼ਮੀਆਂ ਦਾ ਇਲਾਜ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ਅਨੁਸਾਰ ਇਲਾਜ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ: ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਹਿਬਾਜ਼ ਸਿੰਘ, ਉਪ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਈ.ਐਨ.ਟੀ ਸਰਜਨ ਡਾ: ਜਸਕਰਨ ਸਿੰਘ, ਐਕਸੀਅਨ ਸ੍ਰ: ਸੁਖਜਿੰਦਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
