ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ।
ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਨੇ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਨਿਕ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਘੋਖ ਪੜਤਾਲ ਕਰਕੇ ਉਨ੍ਹਾਂ ਦੇ ਹੱਲ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ।
ਕੈਬਨਿਟ ਸਬ-ਕਮੇਟੀ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕਾਡਰਾਂ ਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਸਹਿਯੋਗੀ ਮਾਹੌਲ ਸਿਰਜਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।’
ਇਨ੍ਹਾਂ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਟੀਚਰਜ਼ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਦਰਪੇਸ਼ ਆਮ ਸਮੱਸਿਆਵਾਂ ਨੂੰ ਉਜਾਗਰ ਕਰਦੇ ਹੋਏ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ। ਆਮ ਕਰਮਚਾਰੀ ਭਲਾਈ ਦੇ ਮਾਮਲਿਆਂ ਤੋਂ ਇਲਾਵਾ, ਯੂਨੀਅਨ ਨੇ ਵੱਖ-ਵੱਖ ਸੈਕਟਰਾਂ ਵਿੱਚ ਤਾਇਨਾਤ ਮਨਿਸਟੀਰੀਅਲ ਸਟਾਫ ਨਾਲ ਸਬੰਧਤ ਵਿਸ਼ੇਸ਼ ਚਿੰਤਾਵਾਂ ਨੂੰ ਉਠਾਇਆ, ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰਾਂ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ.ਟੀ.ਆਈ., ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫ਼ਤਰਾਂ ਵਿੱਚ ਕਰਮਚਾਰੀਆਂ ਦੇ ਮੁੱਦੇ ਸ਼ਾਮਲ ਹਨ।
