ਚੰਡੀਗੜ੍ਹ, 18 ਮਈ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਤੇਲ ਦੀ ਖਰੀਦ ‘ਤੇ ਸੀਮਾਵਾਂ ਲਗਾਉਣ ਦੀਆਂ ਖ਼ਬਰਾਂ ‘ਤੇ ਭਾਰਤ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਸਪੱਸ਼ਟੀਕਰਨ ਜਾਂ ਭਰੋਸਾ ਨਾ ਦਿੱਤੇ ਜਾਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਤੇਲ ਖਰੀਦ ਕੈਪ ਲਗਾਏ ਜਾਣ ਦੀਆਂ ਖਬਰਾਂ ‘ਤੇ ਪ੍ਰਤੀਕਰਮ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਭਵਿੱਖ ਲਈ ਬਹੁਤ ਚਿੰਤਾਜਨਕ ਅਤੇ ਭਿਆਨਕ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਰੋਜ਼ਾਨਾ ਲੋੜਾਂ ਲਈ ਵੀ ਲੋੜੀਂਦੇ ਤੇਲ ਦਾ ਪ੍ਰਬੰਧ ਨਹੀਂ ਕਰ ਸਕਦੇ ਤਾਂ ਇਹ ਅਰਥਵਿਵਸਥਾ ਨੂੰ ਪੂਰੀ ਤਰ੍ਹਾਂ ਹਿਲਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਖਾਸ ਕਰਕੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰੇ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ਜਦਕਿ ਸਾਡੇ ਪ੍ਰਧਾਨ ਮੰਤਰੀ ਵਿਦੇਸ਼ ਦੌਰਿਆਂ ‘ਚ ਰੁੱਝੇ ਹੋਏ ਹਨ | ਲੁਧਿਆਣਾ ਤੋਂ ਸੰਸਦ ਮੈਂਬਰ ਵੜਿੰਗ ਨੇ ਵੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਸ਼ ਨੂੰ ਦਰਪੇਸ਼ ਊਰਜਾ ਅਤੇ ਆਰਥਿਕ ਸੰਕਟ ਬਾਰੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਪਹਿਲਾਂ ਦਿੱਤੀਆਂ ਚਿਤਾਵਨੀਆਂ ਦਾ ਹਵਾਲਾ ਦਿੰਦਿਆਂ ਵੜਿੰਗ ਨੇ ਕਿਹਾ ਕਿ ਉਹ ਲਗਾਤਾਰ ਸਰਕਾਰ ਨੂੰ ਚੇਤਾਵਨੀ ਦਿੰਦੇ ਆ ਰਹੇ ਹਨ ਕਿ ਦੇਸ਼ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਰਹੀ ਹੈ ਅਤੇ ਜ਼ਮੀਨੀ ਹਾਲਾਤ ਠੀਕ ਨਹੀਂ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਰਕਾਰ ਨੂੰ ਇਮਾਨਦਾਰੀ ਨਾਲ ਚੁਣੌਤੀਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਸੰਕਟ ਹੋਰ ਡੂੰਘਾ ਹੋਣ ਤੋਂ ਪਹਿਲਾਂ ਸੁਧਾਰਾਤਮਕ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤੇਲ ‘ਤੇ ਪਾਬੰਦੀਆਂ ਲਗਾਉਣ ਜਾਂ ਲੋਕਾਂ ਨੂੰ ਖਰੀਦਣ ਤੋਂ ਗੁਰੇਜ਼ ਕਰਨ ਨਾਲ ਰਾਸ਼ਟਰੀ ਸੰਕਟ ਹੱਲ ਨਹੀਂ ਹੋਵੇਗਾ। ਵੜਿੰਗ ਨੇ ਸੁਝਾਅ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ‘ਤੇ ਸਿੱਧੇ ਤੌਰ ‘ਤੇ ਰਾਸ਼ਟਰ ਨੂੰ ਸੰਬੋਧਨ ਕਰਨਾ ਚਾਹੀਦਾ ਹੈ ਅਤੇ ਦੇਸ਼ ਨੂੰ ਦਰਪੇਸ਼ ਅਸਲ ਚੁਣੌਤੀਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਅਤੇ ਸੰਸਦ ‘ਚ ਲੋਕਾਂ ਸਾਹਮਣੇ ਸਪੱਸ਼ਟ ਰੂਪ-ਰੇਖਾ ਪੇਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਤੁਰੰਤ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੌਮੀ ਚਿੰਤਾ ਦੇ ਸਮਿਆਂ ਵਿੱਚ ਇੱਕਤਰਫ਼ਾ ਫ਼ੈਸਲੇ ਲੈਣ ਦੀ ਨਹੀਂ, ਸਾਂਝੇ ਵਿਚਾਰ-ਵਟਾਂਦਰੇ ਅਤੇ ਮਿਲ ਕੇ ਹੱਲ ਲੱਭਣ ਦੀ ਲੋੜ ਹੈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਭਾਰਤ ਦੇ ਲੋਕ ਹੱਲ ਦੇ ਹੱਕਦਾਰ ਹਨ, ਗੁੰਝਲਾਂ ਨਹੀਂ। ਇਨ੍ਹਾਂ ਚੁਣੌਤੀਪੂਰਨ ਸਮਿਆਂ ਵਿੱਚ, ਸਰਕਾਰ ਨੂੰ ਨੌਕਰੀਆਂ, ਕਾਰੋਬਾਰਾਂ, ਸਪਲਾਈ ਚੇਨ ਅਤੇ ਆਮ ਲੋਕਾਂ ਦੇ ਰੋਜ਼ਾਨਾ ਜੀਵਨ ਦੀ ਰੱਖਿਆ ਲਈ ਇੱਕ ਮਜ਼ਬੂਤ ਕਾਰਜ ਯੋਜਨਾ ਦੇ ਨਾਲ ਆਉਣਾ ਚਾਹੀਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
