ਚੰਡੀਗੜ੍ਹ, 21 ਜੁਲਾਈ: ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਵਿਆਪਕ ਵਿਕਾਸ ਲਈ ਵਾਰ-ਵਾਰ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਅਜ਼ਾਦੀ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਲਈ ਹੁਣ ਤੱਕ 298 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਔਰਤਾਂ ਹਰ ਮਹੀਨੇ ਲਗਭਗ 1.20 ਕਰੋੜ ਮੁਫਤ ਬੱਸ ਯਾਤਰਾਵਾਂ ਦਾ ਲਾਭ ਲੈ ਰਹੀਆਂ ਹਨ, ਜੋ ਕਿ ਇਸ ਪ੍ਰਮੁੱਖ ਭਲਾਈ ਸਕੀਮ ਦੀ ਵੱਡੀ ਸਫਲਤਾ ਅਤੇ ਪ੍ਰਸਿੱਧੀ ਨੂੰ ਦਰਸਾਉਂਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਔਰਤਾਂ ‘ਤੇ ਵਿੱਤੀ ਬੋਝ ਕਾਫੀ ਹੱਦ ਤੱਕ ਘਟਿਆ ਹੈ ਅਤੇ ਰੋਜ਼ਗਾਰ, ਸਿੱਖਿਆ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਯਾਤਰਾ ਕਰਨ ਵਾਲੀਆਂ ਲੱਖਾਂ ਮਹਿਲਾ ਯਾਤਰੀਆਂ ਨੂੰ ਵੱਡੀ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਸਫ਼ਰ ਨੂੰ ਸਸਤਾ ਅਤੇ ਆਸਾਨ ਬਣਾ ਕੇ ਇਸ ਪਹਿਲਕਦਮੀ ਨੇ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਪੈਦਾ ਕੀਤਾ ਹੈ, ਜਿਸ ਨਾਲ ਉਹ ਰੁਜ਼ਗਾਰ ਦੇ ਨਵੇਂ ਮੌਕੇ ਲੱਭ ਕੇ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੀਆਂ ਹਨ।
ਡਾ: ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਮੁਫਤ ਯਾਤਰਾ ਦੀ ਸਹੂਲਤ ਸਰਕਾਰੀ ਬੱਸਾਂ ਵਿੱਚ ਉਪਲਬਧ ਹੈ, ਜੋ ਕਿ ਰਾਜ ਭਰ ਦੀਆਂ ਔਰਤਾਂ ਨੂੰ ਸੁਰੱਖਿਅਤ, ਭਰੋਸੇਮੰਦ ਅਤੇ ਸੁਵਿਧਾਜਨਕ ਜਨਤਕ ਆਵਾਜਾਈ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੀ ਗਤੀਸ਼ੀਲਤਾ, ਸੁਤੰਤਰਤਾ ਅਤੇ ਆਰਥਿਕ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਈ ਹੈ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਅਜਿਹਾ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਜਿੱਥੇ ਹਰ ਔਰਤ ਸੁਰੱਖਿਅਤ ਯਾਤਰਾ ਕਰ ਸਕੇ, ਸਨਮਾਨਜਨਕ ਜੀਵਨ ਜੀਅ ਸਕੇ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵਿਕਾਸ ਦੇ ਲਾਭ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਲਈ ਅਗਾਂਹਵਧੂ ਅਤੇ ਲੋਕ ਪੱਖੀ ਫੈਸਲੇ ਲੈਂਦੀ ਰਹੇਗੀ।
