ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਇਕ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ।
ਰਿਪੋਰਟਾਂ ਮੁਤਾਬਕ ਅੰਮ੍ਰਿਤਸਰ ਦੀ ਅਦਾਲਤ ਨੇ ਅਜਨਾਲਾ ਥਾਣੇ ‘ਤੇ ਫਰਵਰੀ 2023 ‘ਚ ਹੋਏ ਹਮਲੇ ਦੇ ਮਾਮਲੇ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਦੋਸ਼ ਆਇਦ ਕੀਤੇ ਹਨ। ਅੰਮ੍ਰਿਤਪਾਲ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਇਆ।
ਬਚਾਅ ਪੱਖ ਦੇ ਵਕੀਲ ਰਿਤੂ ਰਾਏ ਸੰਧੂ ਵੱਲੋਂ ਮੁਲਜ਼ਮਾਂ ਕੋਲੋਂ ਕੋਈ ਹਥਿਆਰ ਬਰਾਮਦ ਨਾ ਹੋਣ ਦੀ ਦਲੀਲ ਦੇਣ ਤੋਂ ਬਾਅਦ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਅਸਲਾ ਐਕਟ ਅਤੇ ਸਬੂਤਾਂ ਨੂੰ ਨਸ਼ਟ ਕਰਨ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ।
ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ, ਜਿਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼, ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣਾ, ਸਰਕਾਰੀ ਕਰਮਚਾਰੀ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣਾ, ਅਪਰਾਧਿਕ ਸਾਜ਼ਿਸ਼ ਰਚਣਾ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਅਤੇ ਗੈਰ-ਕਾਨੂੰਨੀ ਇਕੱਠ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣਾ ਸ਼ਾਮਲ ਹੈ।
