ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ



ਚੰਡੀਗੜ੍ਹ, 2 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ-ਟੌਲਰੈਂਸ ਪਹੁੰਚ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਤਿੰਦਰ ਬੀਰਦ ਸਿੰਘ ਇੰਟਰਪ੍ਰਾਈਜ਼’ ਫਰਮ ਨੂੰ ਸਾਈਕੋਮੈਟ੍ਰਿਕ ਟੈਸਟ ਅਲਾਟ ਕਰਨ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਲੀਗਲ ਐਡਵਾਈਜ਼ਰ ਪਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰ ਬੀਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਦੇ ਮਨੋਵਿਗਿਆਨਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਅਜੂਰੀਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ਸ਼ੁਰੂ ਕੀਤੀ ਸੀ। ਸ਼ਿਕਾਇਤਕਰਤਾ ਨੇ ਆਪਣੀ ਕੰਪਨੀ ਦੀ ਫਾਈਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਕਪੂਰਥਲਾ ਨੂੰ ਸੌਂਪ ਕੇ ਅਕਾਦਮਿਕ ਸੈਸ਼ਨ 2025-26 ਲਈ ਬਲਾਕ ਭੁਲੱਥ, ਕਪੂਰਥਲਾ ਅਧੀਨ ਪੈਂਦੇ 14 ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 187 ਵਿਦਿਆਰਥਣਾਂ ਦੇ ਮਨੋਵਿਗਿਆਨਕ ਟੈਸਟ ਕਰਵਾਉਣ ਦੀ ਇਜਾਜ਼ਤ ਮੰਗੀ।

ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਵਿੱਚ ਤਾਇਨਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਲੀਗਲ ਐਡਵਾਈਜ਼ਰ ਪਰਮਜੀਤ ਸਿੰਘ ਨੇ ਕਥਿਤ ਤੌਰ ‘ਤੇ ਪ੍ਰਤੀ ਵਿਦਿਆਰਥੀ 200 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਬਾਅਦ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹਵਾਲੇ ਨਾਲ 150 ਰੁਪਏ ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸਰਕਾਰ ਉਕਤ ਟੈਸਟ ਕਰਵਾਉਣ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥਣ 700 ਰੁਪਏ ਅਦਾ ਕਰਦੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਰਿਕਾਰਡਿੰਗ ਅਨੁਸਾਰ ਮੁਲਜ਼ਮਾਂ ਵਿਰੁੱਧ ਦੋਸ਼ ਸਹੀ ਪਾਏ ਗਏ ਹਨ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦਾ ਵੀ ਪਤਾ ਲਗਾਇਆ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

——–

Leave a Comment

Your email address will not be published. Required fields are marked *

Scroll to Top