ਸਾਡੇ ਬਜ਼ੁਰਗ, ਸਾਡਾ ਮਾਣ: ਸਰਕਾਰ ਨੇ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ ਕੀਤੇ – ਡਾ. ਬਲਜੀਤ ਕੌਰ



*ਪੰਜਾਬ ਭਰ ਦੇ ਲਗਭਗ 23.77 ਲੱਖ ਬਜ਼ੁਰਗਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲ ਰਹੀ ਹੈ*

* ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ; ਕਿਸੇ ਵੀ ਯੋਗ ਬਜ਼ੁਰਗ ਨੂੰ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਾ ਰੱਖਿਆ ਜਾਵੇ*

*ਹਰ ਬਜ਼ੁਰਗ ਵਿਅਕਤੀ ਦੀ ਇੱਜ਼ਤ, ਸੁਰੱਖਿਆ ਅਤੇ ਦੇਖਭਾਲ ਯਕੀਨੀ ਬਣਾਉਣ ਲਈ 4,000 ਕਰੋੜ ਰੁਪਏ ਰਾਖਵੇਂ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਸੀਨੀਅਰ ਨਾਗਰਿਕ ਨੂੰ ਸਨਮਾਨਜਨਕ ਜੀਵਨ ਦੇ ਕੇ ‘ਰੰਗਲਾ ਪੰਜਾਬ’ ਸਿਰਜਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ*

ਚੰਡੀਗੜ੍ਹ, 19 ਜੁਲਾਈ:

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਮਾਣ-ਸਨਮਾਨ, ਵਿੱਤੀ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਦ੍ਰਿੜ ਵਿਸ਼ਵਾਸ ਹੈ ਕਿ ਸਾਡੇ ਬਜ਼ੁਰਗ ਸਾਡੇ ਪਰਿਵਾਰਾਂ ਦੀ ਪੂੰਜੀ ਅਤੇ ਸਮਾਜ ਦੀ ਮਜ਼ਬੂਤ ​​ਨੀਂਹ ਹਨ ਅਤੇ ਉਨ੍ਹਾਂ ਦਾ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣਾ ਸਰਕਾਰ ਦਾ ਮੁੱਢਲਾ ਫਰਜ਼ ਹੈ। ਉਨ•ਾਂ ਕਿਹਾ ਕਿ ਸੂਬੇ ਭਰ ਵਿੱਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਨਾਲ ਇਹ ਪੰਜਾਬ ਦੀ ਸਭ ਤੋਂ ਵੱਡੀ ਅਤੇ ਪ੍ਰਭਾਵਸ਼ਾਲੀ ਸਮਾਜ ਭਲਾਈ ਸਕੀਮਾਂ ਵਿੱਚੋਂ ਇੱਕ ਹੈ।

ਡਾ: ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦਾ ਬਜਟ ਰਾਖਵਾਂ ਕੀਤਾ ਹੈ, ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣਾਈ ਜਾ ਸਕੇ।

ਮੰਤਰੀ ਨੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਸਾਰੇ ਯੋਗ ਸੀਨੀਅਰ ਨਾਗਰਿਕਾਂ ਨੂੰ ਪੈਨਸ਼ਨ ਦੀ ਰਾਸ਼ੀ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਆਂ ਦਰਖਾਸਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਕੀਤਾ ਜਾਵੇ, ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਸੀਨੀਅਰ ਨਾਗਰਿਕ ਜਾਗਰੂਕਤਾ ਦੀ ਘਾਟ ਜਾਂ ਦਫ਼ਤਰੀ ਦੇਰੀ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ‘ਤੇ ਚਾਨਣਾ ਪਾਉਂਦਿਆਂ ਡਾ: ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਇਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਲਈ ਨਿਰੰਤਰ ਯਤਨਸ਼ੀਲ ਹੈ ਜਿੱਥੇ ਹਰ ਬਜ਼ੁਰਗ ਨਾਗਰਿਕ ਸੁਰੱਖਿਅਤ, ਸਤਿਕਾਰਤ ਅਤੇ ਸਰਕਾਰ ਦੀ ਸਰਪ੍ਰਸਤੀ ਹੇਠ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਭਲਾਈ ਮਾਨਯੋਗ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਰਾਜ ਵਿੱਚ ਸਮਾਜਿਕ ਸੁਰੱਖਿਆ ਜਾਲ ਨੂੰ ਹੋਰ ਮਜ਼ਬੂਤ ​​ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਬੁਢਾਪਾ ਪੈਨਸ਼ਨ ਸਕੀਮ ਤਹਿਤ ਪੰਜਾਬ ਦੇ ਪੱਕੇ ਵਸਨੀਕ ਨਿਰਧਾਰਤ ਸ਼ਰਤਾਂ ਅਨੁਸਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੇ ਯੋਗ ਹਨ। 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਜਾਂਦਾ ਹੈ, ਬਸ਼ਰਤੇ ਸਾਰੇ ਸਰੋਤਾਂ ਤੋਂ ਉਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਸਾਰੇ ਯੋਗ ਸੀਨੀਅਰ ਨਾਗਰਿਕਾਂ, ਜਿਨ੍ਹਾਂ ਨੇ ਅਜੇ ਤੱਕ ਇਸ ਸਕੀਮ ਅਧੀਨ ਰਜਿਸਟਰ ਨਹੀਂ ਕੀਤਾ ਹੈ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਇਸ ਮਹੱਤਵਪੂਰਨ ਸਮਾਜਿਕ ਸੁਰੱਖਿਆ ਯੋਜਨਾ ਦਾ ਲਾਭ ਲੈਣ।

ਡਾ: ਬਲਜੀਤ ਕੌਰ ਨੇ ਦੁਹਰਾਇਆ ਕਿ ਮਾਨਯੋਗ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਲਾਗੂ ਕੀਤੀਆਂ ਲੋਕ ਪੱਖੀ ਭਲਾਈ ਸਕੀਮਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਤਾਂ ਜੋ ਸਾਡੇ ਬਜ਼ੁਰਗ ਆਪਣੀ ਜ਼ਿੰਦਗੀ ਦੇ ਸੁਨਹਿਰੀ ਦਿਨ ਪੂਰਨ ਆਜ਼ਾਦੀ, ਸਵੈ-ਨਿਰਭਰਤਾ ਅਤੇ ਮਾਨਸਿਕ ਸ਼ਾਂਤੀ ਨਾਲ ਬਤੀਤ ਕਰ ਸਕਣ।

Leave a Comment

Your email address will not be published. Required fields are marked *

Scroll to Top