ਟਰਾਈਡੈਂਟ ਲਿਮਟਿਡ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਅੰਤਰਿਮ ਰਾਹਤ ਮਿਲੀ ਹੈ। ਹਾਈ ਕੋਰਟ ਦੇ ਇੱਕ ਡਿਵੀਜ਼ਨ ਬੈਂਚ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਕੰਪਨੀ ਨੂੰ ਜਾਰੀ ਕੀਤੇ 17 ਨੋਟਿਸਾਂ ਦੇ ਆਧਾਰ ’ਤੇ ਕਿਸੇ ਵੀ ਦੰਡਕਾਰੀ ਜਾਂ ਪ੍ਰਤੀਕੂਲ ਕਾਰਵਾਈ ’ਤੇ ਫਿਲਹਾਲ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਜਾਰੀ ਕਰਕੇ 10 ਜੁਲਾਈ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਕੰਪਨੀ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਵਿਰੁੱਧ ਕਈ ਤਰ੍ਹਾਂ ਦੀਆਂ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਸਨ, ਜਿਸ ਨੂੰ ਚੁਣੌਤੀ ਦਿੰਦਿਆਂ ਉਸ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਮਾਮਲੇ ‘ਚ ਹਾਈਕੋਰਟ ਨੇ 7 ਮਈ ਨੂੰ ਇਕ ਅਹਿਮ ਹੁਕਮ ਦੇ ਕੇ ਬੋਰਡ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਉਂਦੇ ਹੋਏ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਭਵਿੱਖ ‘ਚ ਕੰਪਨੀ ਖਿਲਾਫ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਘੱਟੋ-ਘੱਟ 30 ਦਿਨਾਂ ਦਾ ਨੋਟਿਸ ਦਿੱਤਾ ਜਾਵੇ।
