10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀ ਵਿਦਿਆਰਥੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕ ਲੈ ਕੇ ਪੰਜਾਬ ‘ਚ ਟਾਪ : ਹਰਜੋਤ ਸਿੰਘ ਬੈਂਸ



* *2.54 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਪਾਸ, ਪਾਸ ਪ੍ਰਤੀਸ਼ਤਤਾ 94.52% ਰਹੀ: ਬੈਂਸ*
* *ਸਿੱਖਿਆ ਮੰਤਰੀ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ*

ਚੰਡੀਗੜ੍ਹ, 11 ਮਈ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਸਿੱਖਿਆ ਸੁਧਾਰਾਂ ਕਾਰਨ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਹਿਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਅਤੇ ਸ਼ਹਿਰੀ ਖੇਤਰਾਂ ਵਿੱਚ 92.98% ਦਰਜ ਕੀਤੀ ਗਈ ਹੈ।

ਅੱਜ ਇੱਥੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜ਼ਮੀਨੀ ਪੱਧਰ ‘ਤੇ ‘ਸਿੱਖਿਆ ਕ੍ਰਾਂਤੀ’ ਦਾ ਪ੍ਰਮਾਣ ਦੱਸਿਆ।

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਬਹੁਤ ਹੀ ਸਖ਼ਤ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ (ਰੂਪਨਗਰ) ਦੇ ਮਨੀਮੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%) ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ ਖਾਲਸਾ ਦੀਵਾਨ, ਮਾਡਲ ਟਾਊਨ, ਹੁਸ਼ਿਆਰਪੁਰ ਦੀ ਰੀਆ ਰਾਣੀ ਨੇ 650 (99.23%) ਵਿੱਚੋਂ 645 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਸ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 2,69,505 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ ਹਨ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ 94.52% ਬਣਦੀ ਹੈ। ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀ ਵਿਦਿਆਰਥੀਆਂ ਨੂੰ ਪਛਾੜਿਆ, 1,74,958 ਪੇਂਡੂ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ 1,66,830 ਪਾਸ ਹੋਏ, ਜਿਨ੍ਹਾਂ ਦੀ ਪਾਸ ਦਰ 95.35% ਰਹੀ। ਸ਼ਹਿਰੀ ਖੇਤਰਾਂ ਵਿੱਚ, 94,547 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 87,914 ਵਿਦਿਆਰਥੀ ਪਾਸ ਹੋਏ, ਜਿਨ੍ਹਾਂ ਦੀ ਪਾਸ ਦਰ 92.98% ਹੈ।

ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪਾਸ ਦਰ ਵਿੱਚ 2.3 ਪ੍ਰਤੀਸ਼ਤ ਅੰਕਾਂ ਦਾ ਫਰਕ ਪਿਛਲੇ ਰੁਝਾਨਾਂ ਨਾਲੋਂ ਇੱਕ ਇਤਿਹਾਸਕ ਤਬਦੀਲੀ ਹੈ ਕਿਉਂਕਿ ਪਹਿਲਾਂ ਸ਼ਹਿਰੀ ਸਕੂਲ ਅਕਸਰ ਅੱਗੇ ਸਨ। ਉਨ੍ਹਾਂ ਨੇ ਇਸ ਤਬਦੀਲੀ ਦਾ ਕਾਰਨ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਅਤੇ ਅਧਿਆਪਕਾਂ ਦੀ ਨਿਯਮਤ ਸਿਖਲਾਈ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਰਿਪੋਰਟ ਕਾਰਡ ਨਹੀਂ ਹੈ, ਇਹ ਇੱਕ ਅਜਿਹੀ ਸਰਕਾਰ ਦਾ ਰਿਪੋਰਟ ਕਾਰਡ ਹੈ ਜੋ ਵਿਸ਼ੇਸ਼ ਅਧਿਕਾਰ ਦੀ ਬਜਾਏ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

Leave a Comment

Your email address will not be published. Required fields are marked *

Scroll to Top