AI ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਅੰਦਰ ਹੋਈ ਬੇਅਦਬੀ, ਸਿੱਖ ਭਾਈਚਾਰੇ ‘ਚ ਭਾਰੀ ਰੋਸ



ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨਾਲ ਸਬੰਧਤ ਇੱਕ ਕਥਿਤ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ‘ਚ ਇਕ ਵਿਅਕਤੀ ਨੂੰ ਗੁਰੂ ਗ੍ਰੰਥ ਸਾਹਿਬ ‘ਤੇ ਨੱਚਦੇ ਹੋਏ ਦਿਖਾਇਆ ਗਿਆ ਹੈ, ਜਦਕਿ ਆਸ-ਪਾਸ ਕੁਝ ਲੋਕ ਤਾੜੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਅਜਿਹੇ ਦ੍ਰਿਸ਼ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ। ਸਿੱਖ ਸੰਗਤ ਦੋਸ਼ੀਆਂ ਖਿਲਾਫ ਤੁਰੰਤ ਅਤੇ ਸਖਤ ਕਾਰਵਾਈ ਦੀ ਮੰਗ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਵੀ ਪੈਦਾ ਕਰ ਸਕਦੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਤਿੱਖੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਲੋਕ ਇਸ ਦੀ ਨਿੰਦਾ ਕਰ ਰਹੇ ਹਨ। ਇਸ ਗੰਭੀਰ ਮਾਮਲੇ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਵਕੀਲ ਅਮਨਬੀਰ ਸਿੰਘ ਸਿਆਲੀਆ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਅਜਿਹੀ ਵੀਡੀਓ ਸਾਹਮਣੇ ਆਈ ਹੈ ਅਤੇ ਇਹ ਸਿੱਖੀ ਦੇ ਨੈਤਿਕਤਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਇਸ ਪਿੱਛੇ ਜ਼ਿੰਮੇਵਾਰ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਤੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਵੀਡੀਓ ਦੀ ਪੂਰੀ ਤਰ੍ਹਾਂ ਜਾਂਚ ਕਰਕੇ ਦੋਸ਼ੀਆਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਸਿੱਖ ਕੌਮ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਨਿੰਦਣਯੋਗ ਕਾਰਵਾਈ ਕਰਨ ਦੀ ਹਿੰਮਤ ਨਾ ਕਰੇ।

Leave a Comment

Your email address will not be published. Required fields are marked *

Scroll to Top