Patiala News: ਪੰਜਾਬ ਸਰਕਾਰ ਦੀ ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ: PCPNDT ਐਕਟ ਤਹਿਤ ਵੱਡੀ ਕਾਰਵਾਈ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਪੰਜਾਬ ਸਰਕਾਰ ਦੀ ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਖਿਲਾਫ ਜ਼ੀਰੋ ਟੋਲਰੈਂਸ ਨੀਤੀ : ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਵੱਡੀ ਕਾਰਵਾਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਜੀ ਨੇ ਅੱਜ ਪਟਿਆਲਾ ਜਿਲ੍ਹਾ ਐਡਮਿਨੀਟੇਲ ਕਮੇਟੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਗੈਰ ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਅਤੇ ਐਸਪੀ ਸਿਟੀ ਪਲਵਿੰਦਰ ਚੀਮਾ, ਸਿਵਲ ਸਰਜਨ ਸ਼ੈਲੀ ਜੇਤਲੀ ਵੀ ਹਾਜ਼ਰ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ 12 ਜੂਨ 2026 ਨੂੰ ਜ਼ਿਲ੍ਹਾ ਸਮਰੱਥ ਅਥਾਰਟੀ-ਕਮ-ਸਿਵਲ ਸਰਜਨ, ਪਟਿਆਲਾ ਦੀ ਅਗਵਾਈ ਹੇਠ ਪੀ.ਸੀ.ਪੀ.ਐਨ.ਡੀ.ਟੀ. ਟੀਮ ਨੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਨਾਕਾਬੰਦੀ ਕੀਤੀ। ਇਸ ਕਾਰਵਾਈ ਦੌਰਾਨ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਦੇ ਮੁੱਢਲੇ ਸਬੂਤ ਹਾਸਲ ਕੀਤੇ ਗਏ ਅਤੇ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ। ਇਸ ਕਾਰਵਾਈ ਦੇ ਆਧਾਰ ‘ਤੇ ਥਾਣਾ ਕੋਤਵਾਲੀ, ਪਟਿਆਲਾ ਵਿਖੇ ਐਫ.ਆਈ.ਆਰ. ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਿਭਾਗ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਕੇਸ ਵਿੱਚ ਸ੍ਰੀਮਤੀ ਮੀਨਾ ਰਾਣੀ ਵਾਸੀ ਚੌੜਾ ਜ਼ਿਲ੍ਹਾ ਪਟਿਆਲਾ ਅਤੇ ਜਰਨੈਲ ਸਿੰਘ ਵਾਸੀ ਸਵਾਜਪੁਰ ਜ਼ਿਲ੍ਹਾ ਪਟਿਆਲਾ ਦੋਵੇਂ ਵਾਸੀ ਪਿੰਡ ਚੌੜਾ ਜ਼ਿਲ੍ਹਾ ਪਟਿਆਲਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਸਫਲ ਆਪ੍ਰੇਸ਼ਨ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਸਮਰੱਥ ਅਥਾਰਟੀ-ਕਮ-ਸਿਵਲ ਸਰਜਨ, ਪਟਿਆਲਾ ਅਤੇ ਪੀ.ਸੀ.ਪੀ.ਐਨ.ਡੀ.ਟੀ. ਦਾ ਧੰਨਵਾਦ ਕੀਤਾ। ਟੀਮ ਦੀ ਸ਼ਲਾਘਾ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਤੇ ਹੋਰ ਲਾਗੂ ਕਾਨੂੰਨਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ: ਬਲਬੀਰ ਸਿੰਘ ਨੇ ਸਿਹਤ ਕਰਮਚਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਬੇਟੀਆਂ ਬਚਾਉਣ ਦੇ ਇਸ ਅਹਿਮ ਮਿਸ਼ਨ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਅਜਿਹੇ ਗੈਰ-ਕਾਨੂੰਨੀ ਕੰਮਾਂ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਸੁਰੱਖਿਆ, ਸਨਮਾਨ ਅਤੇ ਬਰਾਬਰਤਾ ਨੂੰ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਬਾਲ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Comment

Your email address will not be published. Required fields are marked *

Scroll to Top