Patiala News: ਮੁੱਖ ਮੰਤਰੀ ਤੀਰਥ ਯਾਤਰਾ ਦੇ ਹਿੱਸੇ ਵਜੋਂ ਮੇਅਰ ਕੁੰਦਨ ਗੋਗੀਆ ਨੇ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਕੀਤੀਆਂ।
– ਮੁੱਖ ਮੰਤਰੀ ਦੀ ਯਾਤਰਾ ਨੇ ਸੂਬੇ ‘ਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਮਜ਼ਬੂਤ - ਕੁੰਦਨ ਗੋਗੀਆ
ਪਟਿਆਲਾ, 7 ਮਈ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਸ਼ਹਿਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ। ਇਹ ਸ਼ਰਧਾਲੂ ਵਾਰਡ ਨੰਬਰ 50 ਅਤੇ 31 ਤੋਂ ਗਏ ਹਨ।
ਇਸ ਮੌਕੇ ਕੌਂਸਲਰ ਹਰਮਨ ਸੰਧੂ, ਜਗਤਾਰ ਜੱਗੀ, ਪਦਮਜੀਤ ਕੌਰ, ਬਿੱਟੂ, ਤੀਰਥ ਯਾਤਰਾ ਪ੍ਰਬੰਧਕ ਰਮਨਪ੍ਰੀਤ ਕੌਰ, ਯਾਤਰਾ ਕੋਆਰਡੀਨੇਟਰ ਹਰਮਿੰਦਰਪਾਲ ਸਿੰਘ ਵਿੰਟੀ ਸੱਭਰਵਾਲ, ਸਟਾਫ਼ ਧਰਮਿੰਦਰ ਸਿੰਘ, ਅਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ।
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਅਤੇ ਦੋ ਰਾਤਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਵਾਘਾ ਬਾਰਡਰ ਆਦਿ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।
ਮੇਅਰ ਗੋਗੀਆ ਨੇ ਸ਼ਰਧਾਲੂਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਯਾਤਰਾ ਦੌਰਾਨ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਸੰਗਤਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਕੁੰਦਨ ਗੋਗੀਆ ਨੇ ਕਿਹਾ ਕਿ ਇਹ ਸਕੀਮ ਖਾਸ ਕਰਕੇ ਸੀਨੀਅਰ ਸਿਟੀਜ਼ਨਾਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਨੇ ਹਰ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਸੂਬੇ ਵਿੱਚ ਸਭ ਦੀ ਸਾਂਝ ਹੈ।
