ਪਟਿਆਲਾ ਨਿਊਜ਼: ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਮੇਅਰ ਗੋਗੀਆ ਵੱਲੋਂ 55 ਲੱਖ ਦੀ ਸੜਕ ਦਾ ਉਦਘਾਟਨ *ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ: ਡਾ: ਬਲਬੀਰ ਸਿੰਘ* ਮੇਅਰ ਕੁੰਦਨ ਗੋਗੀਆ ਨੇ ਲੋਕਾਂ ਦੀ 15 ਸਾਲ ਪੁਰਾਣੀ ਮੰਗ ਪੂਰੀ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ* ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ 2 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਪਟਿਆਲਾ ਸ਼ਹਿਰ ਵਿੱਚ ਉਨ੍ਹਾਂ ਕਿਹਾ ਕਿ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ ਸੜਕ ਪਿਛਲੇ 15 ਸਾਲਾਂ ਤੋਂ ਇਲਾਕਾ ਵਾਸੀਆਂ ਦੀ ਮੁੱਖ ਮੰਗ ਸੀ। ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ ਹੈ। ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਦਸਮੇਸ਼ ਨਗਰ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਅਤੇ ਨਵੇਂ ਬਣਾਉਣ ਦੀ ਮੰਗ ਕਰ ਰਹੇ ਸਨ | ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਖਾਸ ਕਰਕੇ ਬਰਸਾਤ ਦੇ ਮੌਸਮ ਵਿੱਚ ਤਾਂ ਹਾਲਾਤ ਹੋਰ ਵੀ ਔਖੇ ਹੋ ਜਾਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਸ ਸੜਕ ਦੇ ਬਣਨ ਨਾਲ ਆਵਾਜਾਈ ਸੁਖਾਲੀ ਹੋਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਕਈ ਹੋਰ ਵਿਕਾਸ ਪ੍ਰੋਜੈਕਟਾਂ ‘ਤੇ ਵੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਦੀ ਇਹ ਲੜੀ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਉਨ੍ਹਾਂ ਦੀ ਲੰਬੇ ਸਮੇਂ ਤੋਂ ਵੱਡੀ ਲੋੜ ਸੀ ਅਤੇ ਹੁਣ ਇਸ ਦੇ ਬਣਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਜਸਵੀਰ ਗਾਂਧੀ, ਚਰਨਜੀਤ ਐਸਕੇ, ਐਮਸੀ ਮਨਦੀਪ ਸਿੰਘ ਵਿਰਦੀ, ਐਮਸੀ ਦਵਿੰਦਰ ਕੌਰ, ਉਪਕਾਰ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।
