Patiala News : ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ‘ਚ ਡਰਾਈ ਡੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਡਰਾਈ ਡੇਅ ਗਤੀਵਿਧੀਆਂ ਕਰਵਾਈਆਂ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਅਤੇ ਦਫ਼ਤਰਾਂ ਵਿੱਚ ਡੇਂਗੂ ਵਿਰੋਧੀ ਡਰਾਈ ਡੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਸਰਕਾਰੀ ਆਯੁਰਵੈਦਿਕ ਕਾਲਜ, ਸਰਕਾਰੀ ਮੈਡੀਕਲ ਕਾਲਜ, ਮਾਤਾ ਕੁਸ਼ੱਲਿਆ ਹਸਪਤਾਲ, ਵਰਧਮਾਨ ਹਸਪਤਾਲ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਫ਼ਤਰ, ਮਾਰਕਫੈੱਡ ਦਫ਼ਤਰ ਆਦਿ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ‘ਤੇ ਪਾਏ ਗਏ ਲਾਰਵੇ ਨੂੰ ਮੌਕੇ ‘ਤੇ ਹੀ ਨਸ਼ਟ ਕੀਤਾ ਗਿਆ | ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਮੌਸਮ ਦੇ ਸ਼ੁਰੂ ਹੋਣ ਕਾਰਨ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਆਪਣੇ ਘਰਾਂ ਵਾਂਗ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਅਤੇ ਘਰਾਂ ਦੇ ਅੰਦਰ ਖਾਲੀ ਪਈਆਂ ਚੀਜ਼ਾਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਰਸਿੰਗ ਦੀਆਂ ਵਿਦਿਆਰਥਣਾਂ, ਆਸ਼ਾ ਵਰਕਰਾਂ, ਪਿੰਡਾਂ ਦੀਆਂ ਸਿਹਤ ਕਮੇਟੀਆਂ ਦੇ ਮੈਂਬਰਾਂ ਦੇ ਨਾਲ-ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ‘ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਤੇਜ਼ ਬੁਖਾਰ ਅਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਹੋਣ ’ਤੇ ਡੇਂਗੂ ਦਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਜ਼ਿਲ੍ਹੇ ਭਰ ਦੇ 50656 ਘਰਾਂ ‘ਚ ਪਹੁੰਚ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ 421 ਥਾਵਾਂ ‘ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ‘ਤੇ ਹੀ ਨਸ਼ਟ ਕੀਤਾ ਗਿਆ | ਉਨ੍ਹਾਂ ਇਹ ਵੀ ਦੱਸਿਆ ਕਿ ਡਰਾਈ ਡੇਅ ਮੁਹਿੰਮ ਤਹਿਤ ਹੁਣ ਤੱਕ ਸਿਹਤ ਟੀਮਾਂ ਵੱਲੋਂ 539190 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ, ਜਿਸ ਵਿੱਚ 2735 ਲਾਰਵੇ ਪਾਏ ਗਏ ਹਨ, ਜਿਨ੍ਹਾਂ ਨੂੰ ਟੀਮਾਂ ਵੱਲੋਂ ਮੌਕੇ ‘ਤੇ ਹੀ ਨਸ਼ਟ ਕੀਤਾ ਗਿਆ ਅਤੇ ਸਬੰਧਤ ਪਰਿਵਾਰਾਂ ਨੂੰ ਭਵਿੱਖ ਵਿੱਚ ਇਸ ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਹੁਣ ਤੱਕ ਡੇਂਗੂ ਦੇ 4 ਮਰੀਜ਼ ਪਾਏ ਗਏ ਹਨ।

Leave a Comment

Your email address will not be published. Required fields are marked *

Scroll to Top