Patiala News: 28 ਜੂਨ ਤੋਂ 30 ਜੂਨ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ – ADC – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : 28 ਜੂਨ ਤੋਂ 30 ਜੂਨ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ – ਏ.ਡੀ.ਸੀ. – 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਪਟਿਆਲਾ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ 28 ਤੋਂ 30 ਜੂਨ ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦਿਆਂ ਪਟਿਆਲਾ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰੀਤਾ ਜੌਹਲ ਨੇ ਕਿਹਾ ਕਿ ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਦੀ ਲੋੜ ਹੈ। ਇਸ ਲਈ ਹਰ ਵਿਭਾਗ ਨੂੰ ਇਹ ਕੰਮ ਪੂਰੀ ਤਨਦੇਹੀ ਨਾਲ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਪੋਲੀਓ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ। ਅਨੁਪ੍ਰਿਤਾ ਜੌਹਲ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਾ ਯਕੀਨੀ ਬਣਾਉਣ। ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਨੂੰ ਪਿੰਡਾਂ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੇ ਸਪੀਕਰਾਂ ਰਾਹੀਂ ਪਿੰਡਾਂ ਵਿੱਚ ਪਲਸ ਪੋਲੀਓ ਬਾਰੇ ਐਲਾਨ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਬੂਥਾਂ ‘ਤੇ ਆਪਣੇ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਪੀ.ਆਰ.ਟੀ.ਸੀ ਦਫ਼ਤਰ ਨੂੰ ਇਹ ਵੀ ਹਦਾਇਤ ਕੀਤੀ ਕਿ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਦੇ ਡਰਾਈਵਰ 28 ਤੋਂ 30 ਜੂਨ ਨੂੰ ਪੋਲੀਓ ਟਰਾਂਜ਼ਿਟ ਬੂਥਾਂ ‘ਤੇ ਹਰ ਬੱਸ ਨੂੰ ਰੋਕਣ ਅਤੇ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਜਿਨ੍ਹਾਂ ਦੇ ਛੋਟੇ ਬੱਚੇ ਹਨ, ਨੂੰ ਪੋਲੀਓ ਬੂੰਦਾਂ ਪਿਲਾਉਣ ਵਿੱਚ ਮਦਦ ਕਰਨ। ਉਨ੍ਹਾਂ ਏ.ਐਫ.ਐਸ.ਓਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਭੱਠਿਆਂ/ਸ਼ੈਲਰ ਅਤੇ ਪੋਲਟਰੀ ਫਾਰਮ ਮਾਲਕਾਂ ਨੂੰ 0-5 ਸਾਲ ਦੀ ਉਮਰ ਦੇ ਮਜ਼ਦੂਰਾਂ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂਥਾਂ ‘ਤੇ ਲੈ ਕੇ ਜਾਣ ਅਤੇ ਉਨ੍ਹਾਂ ਨੂੰ ਦਵਾਈ ਪਿਲਾਉਣ ਲਈ ਲਿਖਣ। ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਬੂਥ ਬਣਾਏ ਜਾਣਗੇ ਅਤੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਉਨ੍ਹਾਂ ਅੱਗੇ ਦੱਸਿਆ ਕਿ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ ਮੋਬਾਈਲ ਟੀਮਾਂ ਅਤੇ ਟਰਾਂਜ਼ਿਟ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਕੁਸ਼ਲਦੀਪ ਗਿੱਲ, ਸਮੂਹ ਐਸ.ਐਮ.ਓਜ਼, ਡੀ.ਡੀ.ਪੀ.ਓ ਪਰਦੀਪ ਗਿੱਲ, ਏ.ਐਫ.ਐਸ.ਓ ਮੰਨੂੰ ਲਟਾਵਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top