ਪਟਿਆਲਾ ਨਿਊਜ਼ : ਵਿਸ਼ਵ ਵਾਤਾਵਰਨ ਦਿਵਸ ਮੌਕੇ 5 ਜੂਨ ਨੂੰ ਪਟਿਆਲਾ ਵਿਖੇ ਇੱਕ ਵਿਸ਼ੇਸ਼ ਸਮਾਗਮ ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਤਹਿਤ ਪਟਿਆਲਾ ਦੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ: ਸੁਮੀਤ ਸਿੰਘ ਦੇ ਸਹਿਯੋਗ ਨਾਲ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵੱਲੋਂ 5 ਜੂਨ 2026 (ਸ਼ੁੱਕਰਵਾਰ) ਨੂੰ ਨਹਿਰੂ ਪਾਰਕ, ਪੁਰਾਣਾ ਬੱਸ ਸਟੈਂਡ, ਪਟਿਆਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸ਼ਹਿਰ ਦੀਆਂ ਉੱਘੀਆਂ ਸ਼ਖ਼ਸੀਅਤਾਂ, ਵਾਤਾਵਰਣ ਪ੍ਰੇਮੀ, ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਵਿਦਵਾਨ ਸ਼ਿਰਕਤ ਕਰਨਗੇ। ਇਸ ਮੌਕੇ ਵਾਤਾਵਰਨ ਨੂੰ ਦਰਪੇਸ਼ ਚੁਣੌਤੀਆਂ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਸੰਭਾਵਿਤ ਉਪਾਵਾਂ ਬਾਰੇ ਚਰਚਾ ਕੀਤੀ ਜਾਵੇਗੀ। ਪਟਿਆਲਾ ਵਿੱਚ ਵਾਤਾਵਰਨ ਸੰਭਾਲ ਲਈ ਕੰਮ ਕਰ ਰਹੀਆਂ ਵੱਖ-ਵੱਖ ਐਨ.ਜੀ.ਓਜ਼ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਸਨਮਾਨਿਤ ਕਰਨ ਅਤੇ ਉਤਸ਼ਾਹਿਤ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਵਾਤਾਵਰਨ ਸੁਰੱਖਿਆ ਲਈ ਯੋਜਨਾਵਾਂ ਵੀ ਉਲੀਕੀਆਂ ਜਾਣਗੀਆਂ। ਡਾ: ਸੁਮੀਤ ਸਿੰਘ ਨੇ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਜਲਵਾਯੂ ਪਰਿਵਰਤਨ ਦੇ ਮਾੜੇ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਮਹਿਸੂਸ ਕੀਤੇ ਜਾ ਰਹੇ ਹਨ। ਬੇਮੌਸਮੀ ਬਾਰਸ਼, ਅੱਤ ਦੀ ਗਰਮੀ ਅਤੇ ਹੋਰ ਮੌਸਮੀ ਵਿਗਾੜਾਂ ਨਾ ਸਿਰਫ਼ ਮਨੁੱਖੀ ਜੀਵਨ ‘ਤੇ, ਸਗੋਂ ਫਸਲੀ ਚੱਕਰ ਅਤੇ ਜਾਨਵਰਾਂ ‘ਤੇ ਵੀ ਮਾੜਾ ਪ੍ਰਭਾਵ ਪਾ ਰਹੀਆਂ ਹਨ। ਉਨ੍ਹਾਂ ਸਮੂਹ ਵਾਤਾਵਰਨ ਪ੍ਰੇਮੀਆਂ, ਸਮਾਜ ਸੇਵੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਇਸ ਅਹਿਮ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
