Punjab News : ਮਲੇਰਕੋਟਲਾ ਨੇ ਫਿਰ ਦਿੱਤਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦਾ ਸੁਨੇਹਾ – ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਉਮੀਦਵਾਰਾਂ, ਵੋਟਰਾਂ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਦਾ ਸਾਂਝਾ ਉਪਰਾਲਾ ਸ਼ਲਾਘਾਯੋਗ ਹੈ। ਮਾਲੇਰਕੋਟਲਾ, 26 ਮਈ : ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ-8 ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਸੀਨੀਅਰ ਕਪਤਾਨ ਪੁਲੀਸ ਮਾਲੇਰਕੋਟਲਾ ਗੁਰਮੀਤ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾ ਹੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਆਪਸੀ ਪਿਆਰ ਦਾ ਪ੍ਰਤੀਕ ਰਿਹਾ ਹੈ ਅਤੇ ਇਸ ਵਾਰ ਵੀ ਲੋਕਾਂ ਨੇ ਚੋਣਾਂ ਦੌਰਾਨ ਇਸੇ ਰਵਾਇਤ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੁਝ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ ਕਿ ਵਾਰਡ ਨੰਬਰ-8 ਵਿੱਚ ਕਿਸੇ ਕਿਸਮ ਦੀ ਕੋਈ ਗੜਬੜ ਹੋ ਸਕਦੀ ਹੈ ਪਰ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਉਮੀਦਵਾਰਾਂ, ਸਿਆਸੀ ਪਾਰਟੀਆਂ, ਵਰਕਰਾਂ ਅਤੇ ਵੋਟਰਾਂ ਨੇ ਮਿਲ ਕੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਨੇ ਆਪਸੀ ਸਹਿਮਤੀ ਨਾਲ ਭਾਈਚਾਰਕ ਸਾਂਝ ਅਤੇ ਕਾਨੂੰਨ ਦੀ ਪਾਲਣਾ ਨੂੰ ਪਹਿਲ ਦਿੱਤੀ, ਜਿਸ ਕਾਰਨ ਲੋਕਾਂ ਨੇ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ। ਐਸ.ਐਸ.ਪੀ.ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪੁਲਿਸ ਵੱਲੋਂ ਚੌਕਸੀ ਅਤੇ ਮੁਸਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ ਅਤੇ ਹਰ ਪੋਲਿੰਗ ਬੂਥ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉਮੀਦਵਾਰਾਂ, ਉਨ੍ਹਾਂ ਦੇ ਸਮਰਥਕਾਂ, ਵੋਟਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਦੇ ‘ਗੁਲਦਸਤੇ’ ਦਾ ਸੁਨੇਹਾ ਸਾਰਿਆਂ ਨੇ ਮਿਲ ਕੇ ਸਹੀ ਅਰਥਾਂ ਵਿੱਚ ਪੇਸ਼ ਕੀਤਾ ਹੈ। ਉਨ੍ਹਾਂ ਬਾਕੀ ਵਾਰਡਾਂ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹੋਏ ਸਮਾਜ ਵਿੱਚ ਜਾਗਰੂਕ ਨਾਗਰਿਕ ਵਜੋਂ ਅਹਿਮ ਭੂਮਿਕਾ ਨਿਭਾਉਣ।
