UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਹੀ ਸਨਮਾਨਿਤ ਕੀਤਾ ਜਾਵੇਗਾ: ਐਡਵੋਕੇਟ ਧਾਮੀ


ਅੰਮ੍ਰਿਤਸਰ: ਹਾਲ ਹੀ ਵਿੱਚ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ ਕਿ ਉੱਚ ਪ੍ਰਬੰਧਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਜਲਦੀ ਹੀ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਪ੍ਰਬੰਧਕੀ ਸੇਵਾਵਾਂ ਲਈ ਅੱਗੇ ਆਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਿੱਥੇ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਲਈ ਮੁਫਤ ਸਿੱਖਿਆ ਅਤੇ ਗਰੀਬ ਵਿਦਿਆਰਥੀਆਂ ਲਈ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਉਥੇ ਹੀ ਨਿਸ਼ਚੈ ਅਕੈਡਮੀ ਰਾਹੀਂ ਸਿੱਖ ਨੌਜਵਾਨਾਂ ਨੂੰ ਪ੍ਰਬੰਧਕੀ ਅਤੇ ਅਦਾਲਤੀ ਸੇਵਾਵਾਂ ਲਈ ਤਿਆਰ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪ੍ਰਬੰਧਕੀ ਪ੍ਰੀਖਿਆ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਲਈ ਬਜਟ ਵਿੱਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਉਨ੍ਹਾਂ ਦੇ ਹੌਂਸਲੇ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਹੋਰ ਸਿੱਖ ਨੌਜਵਾਨਾਂ ਨੂੰ ਵੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਤੀ ਉਤਸ਼ਾਹਿਤ ਕਰਨ ਵਾਲਾ ਹੈ। ਭਵਿੱਖ ਵਿੱਚ ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਾਰਜਸ਼ੀਲ ਨਿਸ਼ਚੈ ਅਕੈਡਮੀ ਵਿੱਚ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਦਾ ਸਾਹਮਣਾ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ ਤਾਂ ਜੋ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਪ੍ਰੇਰਣਾ ਮਿਲ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਿਤ ਕਰਨ, ਤਾਂ ਜੋ ਸਿੱਖ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਸਕਣ।

Leave a Comment

Your email address will not be published. Required fields are marked *

Scroll to Top