ਰੋਪੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਭਾਜਪਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ ਕੁਫ਼ਰ ਵਿਰੋਧੀ ਕਾਨੂੰਨ ਦੇ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ ਸਮਝੀ ਰਣਨੀਤੀ ਦਾ ਹਿੱਸਾ ਸਨ। ਇਸ ਦੀ ਤੁਲਨਾ ਪੱਛਮੀ ਬੰਗਾਲ ਨਾਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਰਾਜਾਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਨ ਪਸੰਦ ਪੰਜਾਬ ਵਾਸੀ ਭਗਵਾ ਪਾਰਟੀ ਨੂੰ ਸਿਆਸੀ ਲਾਹਾ ਲੈਣ ਲਈ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਰਬਾਦ ਕਰਨ ਦੀ ਕਦੇ ਵੀ ਇਜਾਜ਼ਤ ਨਹੀਂ ਦੇਣਗੇ।
ਸ਼ੁਕਰਾਨਾ ਯਾਤਰਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ‘ਤੇ ਪੰਜਾਬ ‘ਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੇ ਲੋਕ ਸਿਆਸੀ ਤੌਰ ‘ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਖਿਲਾਫ ਇਕਜੁੱਟ ਹਨ।
ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹਨ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ‘ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਉਪਜਾਊ ਮਿੱਟੀ ਵਿੱਚ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਨਹੀਂ ਉਗ ਸਕਦਾ।”
ਅਮਨ-ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੁਰਾਣੇ ਸਮੇਂ ਤੋਂ ਹੀ ਭਾਈਚਾਰਕ ਸਾਂਝ, ਪਿਆਰ ਅਤੇ ਉਦਾਰਤਾ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਰਿਹਾ ਹੈ ਅਤੇ ਇਸ ਮਾਹੌਲ ਨੂੰ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ।
ਸੂਬੇ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਜਪਾ ਦੀ ਸੌੜੀ ਸਿਆਸੀ ਮਾਨਸਿਕਤਾ ਨੂੰ ਉਜਾਗਰ ਕਰਦੀਆਂ ਹਨ, ਜਿਸ ਦਾ ਉਦੇਸ਼ ਸਮਾਜ ਦਾ ਧਰੁਵੀਕਰਨ ਕਰਨਾ ਅਤੇ ਦਹਿਸ਼ਤ ਅਤੇ ਲਾਪਰਵਾਹੀ ਦਾ ਮਾਹੌਲ ਪੈਦਾ ਕਰਕੇ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ, ”ਭਾਜਪਾ ਹਰ ਉਸ ਰਾਜ ‘ਚ ਚੋਣ ਲਾਭ ਲੈਣ ਲਈ ਇਹ ਫੁੱਟ ਪਾਊ ਰਾਜਨੀਤੀ ਕਰ ਰਹੀ ਹੈ, ਜਿੱਥੇ ਚੋਣਾਂ ਹੁੰਦੀਆਂ ਹਨ। ਇਹ ਲੋਕ ਪਹਿਲਾਂ ਹੀ ਈਸ਼ਨਿੰਦਾ ਵਿਰੋਧੀ ਕਾਨੂੰਨ ਦੇ ਪਾਸ ਹੋਣ ਤੋਂ ਪਰੇਸ਼ਾਨ ਹਨ ਅਤੇ ਭਾਜਪਾ ਫਿਰਕੂ ਤਣਾਅ ਪੈਦਾ ਕਰਨ ਅਤੇ ਲੋਕਾਂ ਨੂੰ ਇੱਕ ਦੂਜੇ ਦੇ ਖਿਲਾਫ ਖੜਾ ਕਰਨ ਲਈ ਈਸ਼ਨਿੰਦਾ ਦੀਆਂ ਘਟਨਾਵਾਂ ਦਾ ਫਾਇਦਾ ਉਠਾਉਣਾ ਚਾਹੁੰਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਪਾਸ ਹੋਣ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, “ਹੁਣ ਜਦੋਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਹੋ ਗਿਆ ਹੈ, ਉਹ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੇ।” ਇਸ ਤੋਂ ਤੰਗ ਆ ਕੇ ਭਾਜਪਾ ਹੁਣ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ ਪਰ ਅਜਿਹੀਆਂ ਚਾਲਾਂ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਦਾ ਸਪੱਸ਼ਟ ਸੰਕੇਤ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਪੰਜਾਬੀ ਸਿਆਸੀ ਤੌਰ ‘ਤੇ ਸੁਚੇਤ ਹਨ। ਉਹ ਅਜਿਹੀਆਂ ਹਰਕਤਾਂ ਪਿੱਛੇ ਫੁੱਟ ਪਾਊ ਏਜੰਡੇ ਨੂੰ ਸਮਝਦੇ ਹਨ।”
ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਹੀ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟੋਲਰੈਂਸ ਪਹੁੰਚ ਰੱਖਦੀ ਹੈ।”
ਹਾਲ ਹੀ ਵਿੱਚ ਆਏ ਚੋਣ ਨਤੀਜਿਆਂ ਅਤੇ ਹੋਰਨਾਂ ਰਾਜਾਂ ਵਿੱਚ ਚੋਣਾਂ ਸਬੰਧੀ ਲਾਏ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਜੋ ਕਿ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ, “ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ‘ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।”
ਪਾਰਦਰਸ਼ਤਾ, ਨਿਆਂ ਅਤੇ ਲੋਕ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੀ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਵਿਰੁੱਧ ਇਕਜੁੱਟ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੀ ਰਾਖੀ ਕਰਨਾ ਹਰ ਨਾਗਰਿਕ ਦਾ ਫਰਜ਼ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
