ਨਵੀਂ ਉਦਯੋਗਿਕ ਨੀਤੀ 2026 ਤਹਿਤ ਉਦਯੋਗਾਂ ਨੂੰ ਮਿਲੇਗੀ ਵੱਡੀ ਰਾਹਤ – ਮੰਤਰੀ ਸੰਜੀਵ ਅਰੋੜਾ –


ਸਰਕਾਰ MSME ਸੈਕਟਰ ਨੂੰ ਮਜ਼ਬੂਤ ​​ਕਰਨ ‘ਤੇ ਧਿਆਨ ਦੇ ਰਹੀ ਹੈ*

*1300 ਕਰੋੜ ਰੁਪਏ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ*

*ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ- ਮੰਤਰੀ ਸੰਜੀਵ ਅਰੋੜਾ*

ਚੰਡੀਗੜ੍ਹ, 10 ਅਪ੍ਰੈਲ, 2026:

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਟਿਆਲਾ ਵਿਖੇ ਹੋਈ ਐਮਐਸਐਮਈਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਦੇ ਉੱਦਮੀਆਂ ਵੱਲੋਂ ਉਠਾਏ ਗਏ ਮਸਲੇ ਸੁਣੇ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵੀ ਹਾਜ਼ਰ ਸਨ।

ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਲਈ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਉਨ੍ਹਾਂ ਐਲਾਨ ਕੀਤਾ ਕਿ ਮਈ ਦੇ ਅੰਤ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ 1300 ਕਰੋੜ ਰੁਪਏ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਪੇਂਡੂ ਖੇਤਰਾਂ ਲਈ ਵੱਖਰੀ ਯੋਜਨਾ ਤਿਆਰ ਕੀਤੀ ਗਈ ਹੈ।

ਸੰਜੀਵ ਅਰੋੜਾ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਅੰਦਰ ਨਵੀਂ ਉਦਯੋਗਿਕ ਪਾਰਕ ਨੀਤੀ ਲਾਗੂ ਕਰੇਗੀ, ਜਿਸ ਤਹਿਤ ਸੂਬੇ ਵਿੱਚ ਘੱਟੋ-ਘੱਟ 25 ਏਕੜ ਵਿੱਚ ਫੈਲੇ ਵੱਡੇ ਉਦਯੋਗਿਕ ਪਾਰਕਾਂ ਨੂੰ ਵਿਕਸਤ ਕੀਤਾ ਜਾਵੇਗਾ। ਉੱਦਮੀ ਅਤੇ ਰੀਅਲ ਅਸਟੇਟ ਡਿਵੈਲਪਰ ਇਹਨਾਂ ਪਾਰਕਾਂ ਨੂੰ ਵਿਕਸਤ ਕਰਨ ਵਿੱਚ ਸਾਂਝੇ ਤੌਰ ‘ਤੇ ਹਿੱਸਾ ਲੈਣਗੇ, ਜਦੋਂ ਕਿ ਨਿਵੇਸ਼ਕ ਰਜਿਸਟਰ ਕਰ ਸਕਣਗੇ ਅਤੇ ਇਹਨਾਂ ਪ੍ਰੋਜੈਕਟਾਂ ਵਿੱਚ ਨਿਵੇਸ਼ ਲਈ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਣਗੇ।

ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਨਵੀਂ ਉਦਯੋਗਿਕ ਪਾਰਕ ਨੀਤੀ ਤਿਆਰ ਕਰ ਰਹੀ ਹੈ ਜੋ ਨਿੱਜੀ ਖੇਤਰ ਨੂੰ ਉਦਯੋਗਿਕ ਪਾਰਕ ਵਿਕਸਤ ਕਰਨ ਲਈ ਉਤਸ਼ਾਹਿਤ ਕਰੇਗੀ ਜਿੱਥੇ ਵੱਡੇ ਅਤੇ ਛੋਟੇ ਪਲਾਟ ਉਪਲਬਧ ਹੋਣਗੇ। ਮੀਟਿੰਗ ਦੌਰਾਨ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਜਿੱਥੇ ਸਰਕਾਰ ਦੀਆਂ ਨਵੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਉੱਥੇ ਹੀ ਉਦਯੋਗਪਤੀਆਂ ਨੇ ਵੀ ਤਸੱਲੀ ਪ੍ਰਗਟਾਈ।

ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਵੇਂ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ ਜਾਂ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ, ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਾਵਰ ਸੈਕਟਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸੋਲਰ ਪ੍ਰੋਜੈਕਟ 100 ਫੀਸਦੀ ਅਲਾਟਮੈਂਟ ਨਾਲ ਅਲਾਟ ਕੀਤੇ ਜਾਂਦੇ ਸਨ, ਪਰ ਹੁਣ ਪਾਵਰ ਬੋਰਡ ਖੁਦ ਟੈਂਡਰ ਜਾਰੀ ਕਰ ਰਿਹਾ ਹੈ, ਜਿਸ ਵਿਚ ਵੱਡੀ ਸਫਲਤਾ ਮਿਲੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 2026 ਦੇ ਤਹਿਤ ਕਈ ਨਵੇਂ ਸੈਕਟਰ ਜਿਵੇਂ ਕਿ ਫਿਲਮ ਸਟੂਡੀਓ, ਹਸਪਤਾਲ ਅਤੇ ਹੋਟਲ ਵੀ ਸ਼ਾਮਲ ਕੀਤੇ ਗਏ ਹਨ। MSME ਸੈਕਟਰ ਨੂੰ ਮਜ਼ਬੂਤ ​​ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ, ਕਿਉਂਕਿ ਇਹ ਉਦਯੋਗਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਹੁਣ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਿਆਂ ਵਿੱਚੋਂ ਇੱਕ ਵਜੋਂ ਉਭਰ ਰਿਹਾ ਹੈ ਅਤੇ ਹੋਰ ਰਾਜ ਵੀ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰ ਰਹੇ ਹਨ।

ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕ ਕੇਂਦਰਿਤ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਉਦਯੋਗ, ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਕਰਕੇ ਪੰਜਾਬ ਤਰੱਕੀ ਦੇ ਨਵੇਂ ਮੀਲ ਪੱਥਰ ਵੱਲ ਵਧੇਗਾ।

ਇਸ ਮੌਕੇ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ, ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਸੂਬਾ ਸਕੱਤਰ ਜਗਦੀਪ ਜੱਗਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਡਾਇਰੈਕਟਰ ਇੰਡਸਟਰੀਜ਼ ਜਸਪ੍ਰੀਤ ਸਿੰਘ, ਪੰਜਾਬ ਰਾਜ ਦੇ ਸੂਚਨਾ ਕਮਿਸ਼ਨਰ ਵਰਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਜੀ.ਐੱਮ.ਆਈ.ਸੀ. ਉਦਯੋਗ, ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top