ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ


ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾਂਦੀ ਸਿਲਵਰ ਰੰਗ ਦੀ ਹੁੰਡਈ ਆਈ-10 ਕਾਰ, ਰਜਿਸਟ੍ਰੇਸ਼ਨ ਨੰਬਰ ਪੀ.ਬੀ.10-ਸੀ.ਵੀ-3211 ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜਿਆ ਗਿਆ ਦੋਸ਼ੀ ਦੁਬਈ ਸਥਿਤ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ ‘ਤੇ ਕੰਮ ਕਰਦਾ ਸੀ, ਜੋ ਕਿ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਉਸ ਦੇ ਖਿਲਾਫ ਕਈ ਮਾਮਲੇ ਦਰਜ ਹਨ। ਤਫ਼ਤੀਸ਼ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅੰਤਰਪ੍ਰੀਤ ਸਿੰਘ ਦੀਆਂ ਹਦਾਇਤਾਂ ‘ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਲਿਆ ਕੇ ਅੱਗੇ ਸਪਲਾਈ ਕਰਦਾ ਸੀ।

ਇਸ ਅਪਰੇਸ਼ਨ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਕੋਲੋਂ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀ.ਟੀ ਰੋਡ ‘ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਲਾਕੇ ‘ਚ ਪਹੁੰਚ ਕੇ ਸ਼ੱਕੀ ਲਵਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਦੀ ਆਈ 10 ਕਾਰ ‘ਚੋਂ 6 ਕਿਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਮੁਕੱਦਮਾ ਨੰਬਰ 27 ਮਿਤੀ 29-04-2026 ਨੂੰ ਦਰਜ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top