ਪਾਕਿਸਤਾਨ ਵਿੱਚ 125 ਸਾਲ ਪੁਰਾਣੀ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੁਣਾ ਅਤਿ ਨਿੰਦਣਯੋਗ : ਢਿੱਲੋਂ –


ਚੰਡੀਗੜ੍ਹ, 1 ਜੁਲਾਈ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਕਿਸਤਾਨ ਦੇ ਫਾਰੂਕਾਬਾਦ ਸਥਿਤ ਕਰੀਬ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਇੱਕ ਹਿੱਸੇ ਨੂੰ ਭੂ-ਮਾਫੀਆ ਅਨਸਰਾਂ ਵੱਲੋਂ ਕਥਿਤ ਤੌਰ ‘ਤੇ ਢਾਹ ਦਿੱਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਮੰਦਭਾਗੀ ਕਾਰਵਾਈ ‘ਤੇ ਪਾਕਿਸਤਾਨ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।

ਢਿੱਲੋਂ ਨੇ ਕਿਹਾ ਕਿ ਇਸ ਇਮਾਰਤ ਨੂੰ ਪਾਕਿਸਤਾਨ ਸਰਕਾਰ ਨੇ ਖੁਦ ‘ਇਤਿਹਾਸਕ ਸਮਾਰਕ’ ਘੋਸ਼ਿਤ ਕੀਤਾ ਸੀ ਅਤੇ ਇਸ ਨੂੰ ਢਾਹੁਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਦੇ ਬਾਵਜੂਦ ਸਿੱਖ ਇਤਿਹਾਸਕ ਵਿਰਸੇ ਨੂੰ ਜੋ ਨੁਕਸਾਨ ਹੋਇਆ ਹੈ ਉਹ ਬਹੁਤ ਹੀ ਮੰਦਭਾਗਾ ਹੈ।

ਪਾਕਿਸਤਾਨ ‘ਚ ਸਿੱਖਾਂ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਢਿੱਲੋਂ ਨੇ ਕਿਹਾ ਕਿ ਪਾਕਿਸਤਾਨੀ ਪੰਜਾਬ ‘ਚ ਸਿੱਖਾਂ ‘ਤੇ ਹਮਲੇ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਇੱਕ ਗੁਰਦੁਆਰੇ ਦੇ ਸੇਵਾਦਾਰ (ਕੇਅਰਟੇਕਰ) ਅਤੇ ਉਸਦੀ ਪਤਨੀ ਦਾ ਉੱਥੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਗੁਰਦੁਆਰਿਆਂ ‘ਤੇ ਲਗਾਤਾਰ ਹਮਲਿਆਂ ਦੀਆਂ ਰਿਪੋਰਟਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜੋ ਬੇਹੱਦ ਚਿੰਤਾਜਨਕ ਅਤੇ ਅਸਵੀਕਾਰਨਯੋਗ ਹਨ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਗੁਰਦੁਆਰੇ ਦੀ ਇਮਾਰਤ ਨੂੰ ਢਾਹੁਣ ਦਾ ਕੰਮ ਤੁਰੰਤ ਬੰਦ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਸਿੱਖ ਭਾਈਚਾਰਾ ਪਾਕਿਸਤਾਨ ਵਿੱਚ ਘੱਟ ਗਿਣਤੀ ਹੈ, ਇਸ ਲਈ ਉਨ੍ਹਾਂ ਦੇ ਮੌਲਿਕ ਅਧਿਕਾਰ, ਜਾਨ-ਮਾਲ ਦੀ ਸੁਰੱਖਿਆ ਅਤੇ ਸਾਰੇ ਇਤਿਹਾਸਕ ਗੁਰਦੁਆਰਿਆਂ ਅਤੇ ਸਿੱਖ ਵਿਰਾਸਤੀ ਇਮਾਰਤਾਂ ਦੀ ਸੁਰੱਖਿਆ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

Leave a Comment

Your email address will not be published. Required fields are marked *

Scroll to Top