*10 ਦਿਨਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 7.50 ਰੁਪਏ ਦਾ ਵਾਧਾ, ਭਾਜਪਾ ਦੀਆਂ ਕਿਸਾਨ ਤੇ ਕਾਰੋਬਾਰ ਵਿਰੋਧੀ ਨੀਤੀਆਂ : ਪੰਨੂੰ*
*ਪੰਨੂ ਨੇ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਦੱਸਣ ਕਿ ਨਗਰ ਨਿਗਮ ਚੋਣਾਂ ‘ਚ ਉਨ੍ਹਾਂ ਦੀ ਹੋਰ ਕਿਹੜੀ ਪ੍ਰਾਪਤੀ ਹੈ, ਜਿਸ ਲਈ ਉਹ ਪੰਜਾਬ ਦੇ ਲੋਕਾਂ ਕੋਲ ਜਾ ਰਹੇ ਹਨ*
*ਝੋਨਾ ਬੀਜਣ ਤੋਂ ਠੀਕ ਪਹਿਲਾਂ ਭਾਜਪਾ ਵੱਲੋਂ ਕਿਸਾਨਾਂ ‘ਤੇ ਪੈਟਰੋਲ-ਡੀਜ਼ਲ ਦਾ ਬੋਝ ਪਾਉਣਾ ਤਿੰਨ ਕਾਲੇ ਖੇਤੀ ਕਾਨੂੰਨਾਂ ਵਾਂਗ ਹੈ: ਪੰਨੂੰ*
ਚੰਡੀਗੜ੍ਹ, 25 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਪੰਨੂ ਨੇ ਕਿਹਾ ਕਿ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਮੁੜ ਮਹਿੰਗਾਈ ਦਾ ਬੇਰਹਿਮ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ 2.71 ਰੁਪਏ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ 2.61 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7.50 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਭਾਜਪਾ ਦੀਆਂ ਇਹ ਲੋਕ ਵਿਰੋਧੀ ਨੀਤੀਆਂ ਨਾ ਸਿਰਫ਼ ਸਾਡੇ ਕਿਸਾਨਾਂ ਲਈ ਘਾਤਕ ਹਨ, ਸਗੋਂ ਵਪਾਰ ਜਗਤ ਨੂੰ ਵੀ ਤਬਾਹ ਕਰ ਰਹੀਆਂ ਹਨ। ਅੱਜ ਦੇਸ਼ ਦਾ ਹਰ ਆਮ ਆਦਮੀ ਇਸ ਬੇਤਹਾਸ਼ਾ ਮਹਿੰਗਾਈ ਦੇ ਬੋਝ ਹੇਠ ਦੱਬਿਆ ਹੋਇਆ ਹੈ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਦੇ ਹੋਏ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜਾਖੜ ਸਾਹਿਬ ਆਖਿਰ ਨਗਰ ਨਿਗਮ ਚੋਣਾਂ ‘ਚ ਭਾਜਪਾ ਲਈ ਵੋਟਾਂ ਮੰਗ ਰਹੇ ਹਨ? ਜਾਖੜ ਸਾਹਿਬ ਨੂੰ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 7.50 ਰੁਪਏ ਦਾ ਵਾਧਾ ਕਰਨ ਤੋਂ ਬਾਅਦ ਉਨ੍ਹਾਂ ਦੀ ਅਜਿਹੀ ਕਿਹੜੀ ਪ੍ਰਾਪਤੀ ਹੈ, ਜਿਸ ਲਈ ਉਹ ਪੰਜਾਬ ਦੇ ਲੋਕਾਂ ਕੋਲ ਜਾ ਰਹੇ ਹਨ। ਪੰਜਾਬ ਦੇ ਲੋਕ ਇਸ ਧੋਖੇ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਉਹ ਇਸ ਲੁੱਟ ਵਿਰੁੱਧ ਭਾਜਪਾ ਨੂੰ ਚੋਣਾਂ ਵਿੱਚ ਉਸਦਾ ਸਹੀ ਸਥਾਨ ਦਿਖਾ ਦੇਣਗੇ।
‘ਆਪ’ ਆਗੂ ਨੇ ਅੱਗੇ ਕਿਹਾ ਕਿ ਪੰਜਾਬ ਸਿੱਧੇ ਤੌਰ ‘ਤੇ ਖੇਤੀਬਾੜੀ ਨਾਲ ਸਬੰਧਤ ਸੂਬਾ ਹੈ ਅਤੇ ਸੂਬੇ ‘ਚ ਝੋਨੇ ਦਾ ਸੀਜ਼ਨ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨਾਜ਼ੁਕ ਸਮੇਂ ਤੋਂ ਠੀਕ ਪਹਿਲਾਂ ਕਿਸਾਨਾਂ ‘ਤੇ ਡੀਜ਼ਲ ਅਤੇ ਪੈਟਰੋਲ ਦਾ ਇਹ ਭਾਰੀ ਬੋਝ ਕੇਂਦਰ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਭਾਜਪਾ ਦੀ ਇਹ ਚਾਲ ਬਿਲਕੁਲ ਉਸੇ ਤਰ੍ਹਾਂ ਦੀ ਤਾਨਾਸ਼ਾਹੀ ਹੈ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਪਹਿਲਾਂ 3 ਕਾਲੇ ਖੇਤੀ ਕਾਨੂੰਨ ਲਿਆਂਦੇ ਸਨ। ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਤਬਾਹ ਕਰਨ ਵਾਲੀ ਭਾਜਪਾ ਦੀ ਇਸ ਬੇਰਹਿਮ ਮਾਨਸਿਕਤਾ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਮੂੰਹ-ਤੋੜ ਜਵਾਬ ਦੇਣਗੇ।
