ਪੰਜਾਬ ਦੇ ਕੁਝ ਇਲਾਕਿਆਂ ‘ਚ ਕੱਲ੍ਹ ਹੋਈ ਹਲਕੀ ਬੂੰਦਾਬਾਂਦੀ ਨੇ ਜਿੱਥੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ, ਉੱਥੇ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਆਉਣ ਵਾਲੇ ਦਿਨਾਂ ਲਈ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ (ਆਈਐਮਡੀ) ਵੱਲੋਂ ਜਾਰੀ ਰਿਪੋਰਟ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ, ਜਦੋਂ ਕਿ ਅਗਲੇ ਚਾਰ ਦਿਨਾਂ ਵਿੱਚ ਹੀਟਵੇਵ ਦੇ ਪ੍ਰਭਾਵ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪੰਜ ਜ਼ਿਲਿਆਂ ‘ਚ ਮੀਂਹ, ਤੇਜ਼ ਹਵਾਵਾਂ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ।
ਪੰਜ ਜ਼ਿਲ੍ਹਿਆਂ ਵਿੱਚ ਹੀਟਵੇਵ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਹੋਰਾਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੀ ਧੁੱਪ ਤੋਂ ਬਚਣ ਅਤੇ ਭਰਪੂਰ ਪਾਣੀ ਪੀਣ ਦੀ ਸਲਾਹ ਦਿੱਤੀ ਹੈ। ਸ਼ੁੱਕਰਵਾਰ ਸ਼ਾਮ ਨੂੰ ਹਲਕੀ ਬੂੰਦਾ-ਬਾਂਦੀ ਤੋਂ ਬਾਅਦ ਸੂਬੇ ਭਰ ‘ਚ ਔਸਤ ਵੱਧ ਤੋਂ ਵੱਧ ਤਾਪਮਾਨ 3.4 ਡਿਗਰੀ ਸੈਲਸੀਅਸ ‘ਤੇ ਆ ਗਿਆ। ਬਠਿੰਡਾ ਹਵਾਈ ਅੱਡੇ ਦਾ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਟਿਆਲਾ ਵਿੱਚ 42.3 ਡਿਗਰੀ, ਲੁਧਿਆਣਾ ਵਿੱਚ 42 ਡਿਗਰੀ, ਫਰੀਦਕੋਟ ਵਿੱਚ 41 ਡਿਗਰੀ ਅਤੇ ਚੰਡੀਗੜ੍ਹ ਵਿੱਚ 40.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 39.1 ਡਿਗਰੀ, ਮੁਹਾਲੀ ਵਿੱਚ 38.9 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿੱਚ 36.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
