ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਇਨਕੁਆਰੀਆਂ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਨੇ ਭ੍ਰਿਸ਼ਟਾਚਾਰ ਦੇ 149 ਮਾਮਲਿਆਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ 503 ਮਾਮਲਿਆਂ ਵਿੱਚ 610 ਮੁਲਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸੇ ਤਰ੍ਹਾਂ 521 ਅਪਰਾਧਿਕ ਮਾਮਲਿਆਂ ਵਿੱਚ 485 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 31 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਸਬੰਧੀ 116 ਵਿਜੀਲੈਂਸ ਪੁੱਛਗਿੱਛਾਂ ਦਰਜ ਕੀਤੀਆਂ ਗਈਆਂ, ਜਦਕਿ 180 ਹੋਰ ਵੱਖ-ਵੱਖ ਮਾਮਲਿਆਂ ਵਿੱਚ ਵੀ ਵਿਜੀਲੈਂਸ ਪੁੱਛਗਿੱਛ ਦਰਜ ਕੀਤੀ ਗਈ।
