ਚੰਡੀਗੜ੍ਹ, 6 ਮਈ, 2026: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਕੋਲ ਭਾਜਪਾ ਖ਼ਿਲਾਫ਼ ਕੋਈ ਸਬੂਤ ਹਨ ਤਾਂ ਤੁਰੰਤ ਕੇਸ ਦਰਜ ਕਰਨ, ਨਹੀਂ ਤਾਂ ਪੰਜਾਬ ਅਤੇ ਭਾਜਪਾ ਦੇ ਲੋਕਾਂ ਤੋਂ ਮੁਆਫ਼ੀ ਮੰਗਣ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੂਰਾ ਦੇਸ਼ ਦੇਸ਼ ਭਗਤੀ ਅਤੇ ਤਿਰੰਗੇ ਦੇ ਸਨਮਾਨ ਵਿੱਚ ਇੱਕਜੁੱਟ ਹੋ ਗਿਆ ਸੀ ਪਰ ਇਸ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਭਾਜਪਾ ’ਤੇ ਲਾਏ ਗਏ ਦੋਸ਼ ਬਹੁਤ ਹੀ ਗੰਭੀਰ ਅਤੇ ਦੁਖਦਾਈ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਕਿਹਾ ਹੈ ਕਿ ਆਈਐਸਆਈ ਪੰਜਾਬ ਨੂੰ ਅਸਥਿਰ ਕਰਨ ਲਈ ਸਰਗਰਮ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਬਿਨਾਂ ਕਿਸੇ ਸਬੂਤ ਦੇ ਭਾਜਪਾ ਨੂੰ ਬਦਨਾਮ ਕਰਨ ਵਿੱਚ ਲੱਗੇ ਹੋਏ ਹਨ। ਬਿੱਟੂ ਨੇ ਕਿਹਾ ਕਿ ਪਹਿਲਾਂ ਵੀ ਭਾਜਪਾ ਦੇ ਦਫਤਰਾਂ ਅਤੇ ਆਗੂਆਂ ‘ਤੇ ਹਮਲੇ ਹੋ ਚੁੱਕੇ ਹਨ। ਜਲੰਧਰ ‘ਚ ਭਾਜਪਾ ਦੇ ਸੀਨੀਅਰ ਆਗੂ ਮਨਰਜਨਾ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਉਸ ਮਾਮਲੇ ‘ਚ ਅੱਜ ਤੱਕ ਕੀ ਕਾਰਵਾਈ ਹੋਈ ਅਤੇ ਦੋਸ਼ੀ ਕਿਉਂ ਨਹੀਂ ਫੜੇ ਗਏ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਅਤੇ ਵਰਕਰ ਦੇਸ਼ ਭਗਤ ਹਨ ਅਤੇ ਉਨ੍ਹਾਂ ਨੂੰ ਦੇਸ਼ ਵਿਰੋਧੀ ਤਾਕਤਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਤੁਹਾਡੇ ‘ਚ ਹਿੰਮਤ ਹੈ ਤਾਂ ਭਾਜਪਾ ਆਗੂਆਂ ਤੇ ਵਰਕਰਾਂ ‘ਤੇ ਕੇਸ ਦਰਜ ਕਰੋ, ਸਬੂਤ ਮੀਡੀਆ ਸਾਹਮਣੇ ਰੱਖੋ ਅਤੇ ਪੁਲਿਸ ਨੂੰ ਭਾਜਪਾ ਦਫ਼ਤਰ ਭੇਜੋ, ਨਹੀਂ ਤਾਂ ਆਪਣੇ ਬਿਆਨਾਂ ਲਈ ਜਨਤਕ ਤੌਰ ‘ਤੇ ਮੁਆਫ਼ੀ ਮੰਗੋ। ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਇੱਕ ਵੀ ਮਹੀਨਾ ਜਾਂ ਹਫ਼ਤਾ ਅਜਿਹਾ ਨਹੀਂ ਲੰਘਿਆ ਜਿੱਥੇ ਕਤਲ, ਗੈਂਗ ਵਾਰ ਜਾਂ ਧਮਾਕੇ ਦੀ ਕੋਈ ਘਟਨਾ ਨਾ ਵਾਪਰੀ ਹੋਵੇ। ਇਸ ਦੇ ਬਾਵਜੂਦ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਸਿਆਸੀ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਈ.ਐਸ.ਆਈ., ਗੈਂਗਸਟਰਾਂ ਅਤੇ ਖਾਲਿਸਤਾਨੀ ਅਨਸਰਾਂ ਨੂੰ ਇਕੱਠੇ ਕਰਕੇ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਚੱਲ ਰਹੀ ਹੈ ਅਤੇ ਇਸ ਸਮੇਂ ਪੰਜਾਬ ਦੀ ਅਮਨ-ਸ਼ਾਂਤੀ ਦੀ ਰਾਖੀ ਲਈ ਸਾਰੀਆਂ ਸਿਆਸੀ ਪਾਰਟੀਆਂ ਅਤੇ ਸੁਰੱਖਿਆ ਏਜੰਸੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ‘ਤੇ ਮੁੱਖ ਮੰਤਰੀ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣਾ ਪੰਜਾਬ ਦੇ ਹਿੱਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਦੇ ਅਤੇ ਕੋਈ ਸਬੂਤ ਪੇਸ਼ ਨਹੀਂ ਕਰਦੇ ਤਾਂ ਭਾਜਪਾ ਇਸ ਮਾਮਲੇ ਨੂੰ ਕਾਨੂੰਨੀ ਤੌਰ ‘ਤੇ ਅੱਗੇ ਲੈ ਕੇ ਜਾਵੇਗੀ ਅਤੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਪ੍ਰਧਾਨ ਵਿਨੀਤ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੀ ਹੈ ਪਰ ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
