ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ



ਵਿਭਾਗੀ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ: ਹਰਪਾਲ ਸਿੰਘ ਚੀਮਾ*

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਯੂਨੀਅਨਾਂ ਨਾਲ ਕੀਤੀ ਮੈਰਾਥਨ ਮੀਟਿੰਗ*

ਚੰਡੀਗੜ੍ਹ, 16 ਅਪ੍ਰੈਲ, ਪ੍ਰਸ਼ਾਂਤ ਸ਼ਰਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਮਸਲਿਆਂ ਬਾਰੇ ਬਣਾਈ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਅੱਜ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਮੰਗਾਂ ਦਾ ਸਮਾਂਬੱਧ ਹੱਲ ਕਰਨ ਵੱਲ ਵਧ ਰਹੀ ਹੈ ਅਤੇ ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪਹਿਲ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕੋਈ ਕਾਨੂੰਨੀ ਅੜਚਣ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਜਿਸ ਵਿੱਚ ਵਿੱਤ, ਅਮਲਾ (ਪ੍ਰਸੋਨਲ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸਰਕਾਰ ਅਜਿਹੀ ਯੋਜਨਾ ‘ਤੇ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰਮਚਾਰੀ ਭਵਿੱਖ ਵਿੱਚ ਬਿਨਾਂ ਕਿਸੇ ਕਾਨੂੰਨੀ ਅੜਿੱਕੇ ਦਾ ਸਾਹਮਣਾ ਕੀਤੇ ਉਨ੍ਹਾਂ ਦੇ ਬਣਦੇ ਹੱਕ ਪ੍ਰਾਪਤ ਕਰ ਸਕਣ।”

ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਦਫ਼ਤਰ ਕਰਮਚਾਰੀ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ, 4161 ਮਾਸਟਰ ਕਾਡਰ ਟੀਚਰਜ਼ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ, ਯੂਨਾਈਟਿਡ ਨਰਸ ਐਸੋਸੀਏਸ਼ਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਦੋ ਘੰਟੇ ਲੰਬੀ ਮੀਟਿੰਗ ਕੀਤੀ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਤ ਮੀਟਿੰਗਾਂ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਹਾਜ਼ਰ ਸਨ।

ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਪ੍ਰਸ਼ਾਸਨਿਕ ਕਾਰਵਾਈ ਪਹਿਲਾਂ ਹੀ ਜਾਰੀ ਹੈ। ਉਨ੍ਹਾਂ ਵਿਭਾਗੀ ਪੱਧਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨਾਲ ਹੋਈ ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਨੇ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਮੰਗਾਂ ਦੀ ਸਥਿਤੀ ਬਾਰੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ, ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਵਿਸ਼ੇਸ਼ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡਾ ਸਈਅਦ ਸਹਿਰੀਸ਼ ਅਸਗਰ ਸਮੇਤ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਨੁਮਾਇੰਦਗੀ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ, ਹਰਜਿੰਦਰਪਾਲ ਸਿੰਘ, ਲਛਮਣ ਸਿੰਘ ਅਤੇ ਜਗਦੀਪ ਸਿੰਘ ਨੇ ਕੀਤੀ। ਇਸ ਤੋਂ ਪਹਿਲਾਂ ਦਫ਼ਤਰ ਕਰਮਚਾਰੀ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ ਨੇ ਕੀਤੀ | ਡੈਮੋਕਰੇਟਿਕ ਟੀਚਰਜ਼ ਫਰੰਟ ਦੀ ਨੁਮਾਇੰਦਗੀ ਰਾਜੀਵ ਕੁਮਾਰ, ਰੇਸ਼ਮ ਖੇਮੂਆਣਾ ਅਤੇ ਜਗਦੀਸ਼ ਕੁਮਾਰ ਜੱਗੀ ਨੇ ਕੀਤੀ। ਸੰਦੀਪ ਸਿੰਘ ਗਿੱਲ, ਗੁਰਦਾਸ ਸਿੰਘ ਮਾਨਸਾ ਅਤੇ ਬਲਕਾਰ ਮਘਾਣੀਆਂ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕੀਤੀ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਨੁਮਾਇੰਦਗੀ ਡਾ: ਟੀਨਾ, ਡਾ: ਅਜੈ ਕੁਮਾਰ ਅਤੇ ਅਸ਼ਪ੍ਰੀਤ ਕੌਰ ਨੇ ਕੀਤੀ | ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਰਮਨਜੀਤ ਸਿੰਘ ਗਿੱਲ, ਜਗਜੀਵਨ ਸਿੰਘ ਅਤੇ ਆਰਤੀ ਬਾਲਾ ਨੇ ਕੀਤੀ ਜਦੋਂਕਿ ਧੰਨਾ ਮੱਲ ਗੋਇਲ, ਐਚ.ਐਸ ਰਾਣੂ ਅਤੇ ਸੁਰਜੀਤ ਸਿੰਘ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸਰੋਕਾਰ ਪੇਸ਼ ਕੀਤੇ।

Leave a Comment

Your email address will not be published. Required fields are marked *

Scroll to Top