ਪੰਜਾਬ ‘ਚ ‘ਆਪ’ ਸਰਕਾਰ ਵੱਲੋਂ ਵੀ.ਬੀ.ਜੀ ਰਾਮਜੀ ਸਕੀਮ ਨੂੰ ਲਾਗੂ ਕਰਨ ‘ਤੇ ਜੰਗ ਦਾ ਸਵਾਲ
ਪੁੱਛਿਆ: ਵਿਸ਼ੇਸ਼ ਸੈਸ਼ਨ ਵਿੱਚ ਸਕੀਮ ਰੱਦ ਕਰਨ ਦੇ ਮਤੇ ਦਾ ਕੀ ਹੋਇਆ
ਚੰਡੀਗੜ੍ਹ, 27 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੁੱਛਿਆ ਹੈ ਕਿ ਇਸ ਨੇ ਆਖਰਕਾਰ ਪੰਜਾਬ ਵਿੱਚ ‘ਰੋਜ਼ਗਾਰ ਤੇ ਰੋਜ਼ੀ-ਰੋਟੀ ਦੀ ਗਾਰੰਟੀ ਮਿਸ਼ਨ-ਗ੍ਰਾਮੀਣ’ (ਵੀ.ਬੀ.ਜੀ. ਰਾਮਜੀ) ਸਕੀਮ ਨੂੰ ਭਾਜਪਾ ਨਾਲ ਕਿਸ ਸੌਦੇ ਜਾਂ ਸਮਝੌਤੇ ਤਹਿਤ ਲਾਗੂ ਕੀਤਾ ਹੈ। ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਇਸ ਸਕੀਮ ਵਿਰੁੱਧ ਮਤਾ ਪਾਸ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਆਖਿਰ ਇਹ ਕੀ ਡੀਲ ਹੈ?
ਸੂਬਾ ਕਾਂਗਰਸ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 30 ਦਸੰਬਰ 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਵੀਬੀ ਜੀ ਰਾਮਜੀ ਸਕੀਮ ਨੂੰ ਰੱਦ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਸੀ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਬੀਤੇ ਦਿਨ ਹੀ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਨਾਲ ਇਸ ਨੇ ਪਾਸ ਕੀਤੇ ਮਤੇ ਨੂੰ ਹੀ ਰੱਦ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਸਮਾਂ ਜਿੰਨਾ ਹੀ ਮਹੱਤਵਪੂਰਨ ਹੈ, ਓਨਾ ਹੀ ਹੈਰਾਨੀਜਨਕ ਵੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਸਕੀਮ ਨੂੰ ਅਚਾਨਕ ਲਾਗੂ ਕਰਨ ਦਾ ਮੁੱਖ ਮੰਤਰੀ ਦੇ ਮੌਜੂਦਾ ਵਿਵਾਦ ਨਾਲ ਕੋਈ ਸਬੰਧ ਹੈ? ਉਨ੍ਹਾਂ ਸਵਾਲ ਕੀਤਾ ਕਿ ਕੀ ਪਾਰਟੀ ਦੇ ਅੰਦਰੋਂ-ਬਾਹਰ ਘਿਰੇ ਮੁੱਖ ਮੰਤਰੀ ਭਾਜਪਾ ਨਾਲ ਸਮਝੌਤਾ ਕਰਕੇ ਆਪਣੇ ਲਈ ਰਾਹਤ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਨਹੀਂ ਤਾਂ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਕੋਈ ਜਾਇਜ਼ ਕਾਰਨ ਨਹੀਂ ਹੈ, ਜਦੋਂ ਕਿ ਰਾਜ ਦੀ ਵਿਧਾਨ ਸਭਾ ਪਹਿਲਾਂ ਹੀ ਇਸ ਨੂੰ ਰੱਦ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕਰ ਚੁੱਕੀ ਹੈ।
ਉਨ੍ਹਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਹ ਸਪੱਸ਼ਟ ਕਰਨ ਲਈ ਵੀ ਕਿਹਾ ਹੈ ਕਿ ਕੀ ਉਹ ਪੰਜਾਬ ‘ਚ ਵੀ.ਬੀ.ਜੀ. ਰਾਮਜੀ ਸਕੀਮ ਨੂੰ ਲਾਗੂ ਕਰਨ ਦੇ ਭਗਵੰਤ ਮਾਨ ਦੇ ਫੈਸਲੇ ਨਾਲ ਸਹਿਮਤ ਹਨ ਜਾਂ ਨਹੀਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਨੂੰ ਆਪਣੀ ਚੁੱਪ ਤੋੜਨੀ ਚਾਹੀਦੀ ਹੈ ਅਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਨਹੀਂ ਤਾਂ ਇਸ ਗੱਲ ਦੀ ਪੁਸ਼ਟੀ ਹੋ ਜਾਵੇਗੀ ਕਿ ਆਮ ਆਦਮੀ ਪਾਰਟੀ ਨੇ ਭਾਜਪਾ ਨਾਲ ਮੌਕਾਪ੍ਰਸਤ ਸੌਦਾ ਕੀਤਾ ਹੈ।
