*ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਜਾ ਕੇ ਪੂਰੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼*
*ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਹਨਾਂ ਦੀ ਹਰ ਸਮੱਸਿਆ ਨੂੰ ਸਹੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ*
ਚੰਡੀਗੜ੍ਹ, 21 ਮਈ
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਹਨਾਂ ਦੀ ਹਰ ਸਮੱਸਿਆ ਦੇ ਢੁੱਕਵੇਂ ਹੱਲ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮਕਸਦ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਨੂੰ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ਼ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫ਼ਸਲ ਨੂੰ ਸਟੋਰ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਕੋਲਡ ਸਟੋਰੇਜ ਦੀ ਸਥਾਪਨਾ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ।
ਇਸ ਮੌਕੇ ਮੰਤਰੀ ਮਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ਼ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਸਮੱਸਿਆ ਦੇ ਢੁੱਕਵੇਂ ਹੱਲ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਗਰੀਕਲਚਰ ਇਨਫਰਾਸਟਰੱਕਚਰ ਫੰਡ ਅਤੇ ਹੋਰ ਸਕੀਮਾਂ ਰਾਹੀਂ ਕੋਲਡ ਸਟੋਰੇਜ, ਵੇਅਰਹਾਊਸ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਸਬੰਧੀ ਦਰਪੇਸ਼ ਸਮੱਸਿਆਵਾਂ ਸਬੰਧੀ ਮੁਕੰਮਲ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਨਿੱਜੀ ਰਾਬਤਾ ਕਾਇਮ ਕਰਕੇ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਕਿਹਾ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਸਾਰਾ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।
