*ਕਿਹਾ, ਗੇਟ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਬਣਾਏ ਗਏ ਹਨ*
*ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ*
*ਮੌਨਸੂਨ ਤੋਂ ਪਹਿਲਾਂ ਜਲ ਸਰੋਤ ਮੰਤਰੀ ਵੱਲੋਂ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ*
*ਚੰਡੀਗੜ੍ਹ/ਪਠਾਨਕੋਟ, 8 ਜੁਲਾਈ:*
ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਨੂੰ ਇਲੈਕਟ੍ਰਿਕ ਮੋਟਰਾਂ ਨਾਲ ਚਲਾਉਣ ਲਈ ਆਧੁਨਿਕ ਅਤੇ ਮਜ਼ਬੂਤ ਕੀਤਾ ਗਿਆ ਅਤੇ ਤਿੰਨ ਖਰਾਬ ਹੋਏ ਗੇਟਾਂ ਨੂੰ ਨਵੇਂ ਡਿਜ਼ਾਈਨ ਅਨੁਸਾਰ ਰਿਕਾਰਡ ਸਮੇਂ ਵਿੱਚ ਦੁਬਾਰਾ ਬਣਾਇਆ ਗਿਆ। ਇਨ੍ਹਾਂ ਸਾਰੇ ਕੰਮਾਂ ‘ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਾਧੋਪੁਰ ਹੈੱਡਵਰਕਸ ਦੇ ਬਣਾਏ ਗੇਟਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ |
ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਬੀਤੇ ਦਿਨ ਤੋਂ ਪਠਾਨਕੋਟ ਜ਼ਿਲ੍ਹੇ ਅੰਦਰਲੇ ਉਨ੍ਹਾਂ ਇਲਾਕਿਆਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ, ਜਿੱਥੇ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨ ਹੋਇਆ ਸੀ ਅਤੇ ਜਿੱਥੇ ਵਿਭਾਗ ਵੱਲੋਂ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਲਗਾਤਾਰ ਦੂਜੇ ਦਿਨ ਉਨ੍ਹਾਂ ਸ਼ਾਹਪੁਰਕੰਢੀ ਰੋਡ ’ਤੇ ਸਥਿਤ ਓਸ਼ੋ ਆਸ਼ਰਮ ਨੇੜੇ ਰਾਵੀ ਦੇ ਨਾਲ ਲੱਗਦੇ ਅਜਿਹੇ ਇਲਾਕਿਆਂ ਦਾ ਦੌਰਾ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਖੇਤਰਾਂ ਵਿੱਚ ਜਾ ਰਿਹਾ ਹਾਂ ਜੋ ਪਿਛਲੇ ਸਾਲ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਸਨ। ਇਸ ਵਾਰ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਪਹਿਲਾਂ ਵਰਗੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।”
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 27 ਅਗਸਤ 2025 ਨੂੰ ਆਏ ਭਿਆਨਕ ਹੜ੍ਹਾਂ ਦੌਰਾਨ ਹੋਏ ਨੁਕਸਾਨ ਤੋਂ ਬਾਅਦ ਵਿਭਾਗ ਨੇ ਜੰਗੀ ਪੱਧਰ ‘ਤੇ ਕੰਮ ਕੀਤਾ ਅਤੇ ਦੋਵੇਂ ਪਾਸੇ ਕਰੀਬ 500 ਮੀਟਰ ਲੰਬੇ ਸੇਫਟੀ ਡੈਮ ਬਣਾਏ ਹਨ। ਆਰਜ਼ੀ ਰਿੰਗ ਡੈਮ ਬਣਾ ਕੇ 1 ਅਕਤੂਬਰ 2025 ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਨਹਿਰਾਂ ਵਿੱਚ ਪੂਰੀ ਸਮਰੱਥਾ ਨਾਲ ਪਾਣੀ ਦੀ ਸਪਲਾਈ ਦੁਬਾਰਾ ਸ਼ੁਰੂ ਕਰ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ 54 ਗੇਟਾਂ ਦਾ ਆਧੁਨਿਕੀਕਰਨ ਕਰਕੇ ਇਨ੍ਹਾਂ ਨੂੰ ਬਿਜਲੀ ਦੀਆਂ ਮੋਟਰਾਂ ਨਾਲ ਚਲਾਉਣ ਯੋਗ ਬਣਾਇਆ ਗਿਆ ਅਤੇ ਤਿੰਨ ਖਰਾਬ ਹੋਏ ਗੇਟਾਂ ਨੂੰ ਨਵੇਂ ਡਿਜ਼ਾਈਨ ਅਨੁਸਾਰ ਰਿਕਾਰਡ ਸਮੇਂ ਵਿੱਚ ਦੁਬਾਰਾ ਬਣਾਇਆ ਗਿਆ। ਇਨ੍ਹਾਂ ਸਾਰੇ ਕੰਮਾਂ ‘ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਲ ਹੜ੍ਹਾਂ ਦੌਰਾਨ ਜਿੱਥੇ ਵੀ ਕਮਜ਼ੋਰ ਅਤੇ ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖਤ ਕੀਤੀ ਸੀ, ਉਥੇ ਪਹਿਲਾਂ ਹੀ ਸਾਰੇ ਮਜ਼ਬੂਤੀ ਅਤੇ ਮੁਰੰਮਤ ਦੇ ਕੰਮ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਸੁਰੱਖਿਆ ਪ੍ਰਬੰਧ ਪੁਖਤਾ ਕੀਤੇ ਗਏ ਹਨ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
———
