*ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰ ਨੀਤੀਆਂ ਅਤੇ ਆਪਣੇ ਕਾਰਪੋਰੇਟ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਦੇ ਫੈਸਲੇ ਦੇਸ਼ ਦੇ ਲੋਕਾਂ ਲਈ ਮਹਿੰਗੇ ਤੇਲ ਦਾ ਕਾਰਨ ਬਣੇ: ਧਾਲੀਵਾਲ*
*ਧਾਲੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਭਾਜਪਾ ਨੂੰ ਵੋਟ ਨਾ ਪਾਉਣ ਦੀ ਕੀਤੀ ਅਪੀਲ, ਕਿਹਾ- ਭਾਜਪਾ ਨੂੰ ਵੋਟ ਦੇਣ ਦਾ ਮਤਲਬ ਹੈ ਮਹਿੰਗਾ ਪੈਟਰੋਲ ਅਤੇ ਡੀਜ਼ਲ ਦਾ ਸਮਰਥਨ ਕਰਨਾ*
ਅੰਮ੍ਰਿਤਸਰ/ਚੰਡੀਗੜ੍ਹ, 25 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨ, ਪੰਜਾਬ ਅਤੇ ਆਮ ਲੋਕਾਂ ਦੇ ਵਿਰੋਧੀ ਹਨ, ਜਿਸ ਕਾਰਨ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੀ ਚਿਤਾਵਨੀ ਦਿੱਤੀ ਸੀ, ਜੋ ਹੁਣ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਕੌਮਾਂਤਰੀ ਵਪਾਰ ਨੀਤੀਆਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਲਏ ਫੈਸਲੇ ਦੇਸ਼ ਦੇ ਲੋਕਾਂ ਲਈ ਮਹਿੰਗੇ ਤੇਲ ਦਾ ਕਾਰਨ ਬਣ ਰਹੇ ਹਨ।
ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਇਸ ਨਾਲ ਖੇਤੀ ਲਾਗਤ ਹੋਰ ਵਧੇਗੀ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਮਹਿੰਗੇ ਬਾਲਣ ਦਾ ਸਿੱਧਾ ਅਸਰ ਸਬਜ਼ੀਆਂ, ਰੋਜ਼ਾਨਾ ਲੋੜਾਂ ਅਤੇ ਟਰਾਂਸਪੋਰਟ ਦੀਆਂ ਕੀਮਤਾਂ ‘ਤੇ ਪਵੇਗਾ, ਜਿਸ ਨਾਲ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ।
ਆਗਾਮੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਹੁਣ ਭਾਜਪਾ ਦੀਆਂ ਨੀਤੀਆਂ ਨੂੰ ਸਮਝ ਚੁੱਕੀ ਹੈ ਅਤੇ ਚੋਣਾਂ ਵਿੱਚ ਇਸ ਨੂੰ ਭਰਵਾਂ ਹੁੰਗਾਰਾ ਦੇਵੇਗੀ।
ਭਾਜਪਾ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਆਗੂ ਵੈਟ ਘਟਾਉਣ ਦੀ ਗੱਲ ਤਾਂ ਕਰਦੇ ਹਨ ਪਰ ਇਹ ਨਹੀਂ ਦੱਸਦੇ ਕਿ ਕੇਂਦਰ ਸਰਕਾਰ ਨੇ ਬਾਲਣ ‘ਤੇ ਕਿੰਨਾ ਭਾਰੀ ਟੈਕਸ ਲਗਾਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤੇਲ ਕੰਪਨੀਆਂ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਹੀ ਜਨਤਾ ‘ਤੇ ਵਾਧੂ ਆਰਥਿਕ ਬੋਝ ਪਾਇਆ ਜਾ ਰਿਹਾ ਹੈ।
