ਚੰਡੀਗੜ੍ਹ, 8 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਸਾਰੇ ਖੇਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੂਰੀ ਵਾਹ ਲਾਈ ਹੈ।
ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ 13 ਸਰਕਾਰੀ ਕਰਮਚਾਰੀਆਂ ਸਮੇਤ 15 ਦੋਸ਼ੀਆਂ ਖਿਲਾਫ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।
ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਬਿਊਰੋ ਦੁਆਰਾ ਦਾਇਰ ਅਤੇ ਮੁਕੱਦਮੇ ਚਲਾਏ ਗਏ ਰਿਸ਼ਵਤ ਦੇ ਕੇਸ ਵਿੱਚ ਫੈਸਲਾ ਸੁਣਾਇਆ ਸੀ, ਜਿਸ ਵਿੱਚ 6 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।
———
