ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਪੰਜਾਬ ਸਰਕਾਰ ਨੇ ਅਧਿਆਪਕ ਨੂੰ ਕੀਤਾ ਮੁਅੱਤਲ


ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮੋਗਾ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਧਮਕਾਉਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਵਿਦਿਆਰਥੀਆਂ ਵੱਲੋਂ ਕੀਤੀ ਗਈ ਸ਼ਿਕਾਇਤ ਅਤੇ ਮੁੱਢਲੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਮੁਅੱਤਲ ਕੀਤੇ ਗਏ ਅਧਿਆਪਕ ਦੀ ਪਛਾਣ ਸਮਾਜਿਕ ਅਧਿਐਨ ਅਧਿਆਪਕ ਵਜੋਂ ਹੋਈ ਹੈ, ਜੋ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਤੋਂ ਪ੍ਰਾਪਤ ਹੋਈ ਮੁੱਢਲੀ ਰਿਪੋਰਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਕਾਰਵਾਈ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਛੇਵੀਂ ਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਾਇਆ ਸੀ ਕਿ ਉਕਤ ਅਧਿਆਪਕ ਉਨ੍ਹਾਂ ਨਾਲ ਦੁਰਵਿਵਹਾਰ ਕਰਦਾ ਸੀ। ਵਿਦਿਆਰਥਣਾਂ ਨੇ ਇਹ ਵੀ ਦੋਸ਼ ਲਾਇਆ ਕਿ ਜੇਕਰ ਉਨ੍ਹਾਂ ਨੇ ਇਸ ਮਾਮਲੇ ਬਾਰੇ ਕਿਸੇ ਨੂੰ ਦੱਸਿਆ ਤਾਂ ਅਧਿਆਪਕ ਨੇ ਉਨ੍ਹਾਂ ਨੂੰ ਪੇਪਰ ਫੇਲ ਕਰਨ ਦੀ ਧਮਕੀ ਦਿੱਤੀ। ਇਸ ਘਟਨਾ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ। ਮੰਤਰੀ ਬੈਂਸ ਨੇ ਕਿਹਾ, “ਹਰ ਵਿਦਿਆਰਥੀ ਦੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਤੰਦਰੁਸਤੀ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਸਰਕਾਰ ਦੀ ਕਿਸੇ ਵੀ ਅਧਿਆਪਕ ਪ੍ਰਤੀ ‘ਜ਼ੀਰੋ ਟਾਲਰੈਂਸ’ ਦੀ ਨੀਤੀ ਹੈ ਜੋ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਜਾਂ ਡਰਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਾ ਹੈ।” ਉਨ੍ਹਾਂ ਕਿਹਾ ਕਿ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੁਅੱਤਲੀ ਦੇ ਸਮੇਂ ਦੌਰਾਨ ਉਕਤ ਅਧਿਆਪਕ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਉਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਦੇ ਦਫ਼ਤਰ ਨੂੰ ਸੌਂਪਿਆ ਗਿਆ ਹੈ, ਜਿੱਥੇ ਅਗਲੇ ਹੁਕਮਾਂ ਤੱਕ ਉਸ ਨੂੰ ਰੋਜ਼ਾਨਾ ਹਾਜ਼ਰ ਹੋਣਾ ਪਵੇਗਾ। ਵਿਭਾਗ ਨੇ ਦੁਹਰਾਇਆ ਹੈ ਕਿ ਅਜਿਹੇ ਮਾਮਲਿਆਂ ਵਿੱਚ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਲਈ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ।

Leave a Comment

Your email address will not be published. Required fields are marked *

Scroll to Top