ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਕੀਤੀ ਮੀਟਿੰਗ*


ਮੁਲਾਜ਼ਮਾਂ ਦੀ ਕਿਸੇ ਵੀ ਜਾਇਜ਼ ਮੰਗ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ; ਪੈਂਡਿੰਗ ਮਸਲਿਆਂ ਦੇ ਜਲਦੀ ਹੱਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 8 ਜੂਨ 2026:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗ ਕਰਕੇ ਉਨ੍ਹਾਂ ਦੇ ਮੁੱਦਿਆਂ ਅਤੇ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ-ਵਟਾਂਦਰਾ ਕੀਤਾ।

ਇਸ ਸਬੰਧ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਗੱਲਬਾਤ ਦੌਰਾਨ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਯੂਨੀਅਨਾਂ ਦੀਆਂ ਮੰਗਾਂ ਸਬੰਧੀ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ।

ਵਿਭਾਗ ਦੇ ਪੱਖ ਦਾ ਡੂੰਘਾਈ ਨਾਲ ਜਾਇਜ਼ਾ ਲੈਣ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਪ੍ਰਸ਼ਾਸਕੀ ਪ੍ਰਕਿਰਿਆਵਾਂ ਤੇਜ਼ ਕਰਨ ਤਾਂ ਜੋ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਅਤੇ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਹਰ ਜਥੇਬੰਦੀ ਦੇ ਨੁਮਾਇੰਦਿਆਂ ਦੀਆਂ ਮੁੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫਤਰ ਵਿਖੇ ਹੋਈ। ਇਨ੍ਹਾਂ ਸੈਸ਼ਨਾਂ ਵਿੱਚ ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਏਡਿਡ ਸਕੂਲ ਫਰੰਟ ਦੇ ਅਨ-ਏਡਿਡ ਸਟਾਫ਼, ਬਹਾਲ ਕੱਚੇ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਅਤੇ ਬੇਰੁਜ਼ਗਾਰ ਬੀ.ਐੱਡ. ਟੈਟ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

ਮੀਟਿੰਗਾਂ ਦੌਰਾਨ ਬੇਰੁਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫ਼ਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ, ਕਿਰਨਦੀਪ ਕੌਰ ਤੇ ਹਰਬੰਸ ਸਿੰਘ, ਏਡਿਡ ਸਕੂਲ ਫਰੰਟ ਦੇ ਅਨ-ਏਡਿਡ ਸਟਾਫ਼ ਤੋਂ ਨਿਰਭੈ ਸਿੰਘ, ਸੁਖਚੈਨ ਸਿੰਘ ਤੇ ਜਸਵੰਤ ਸਿੰਘ, ਰੀ-ਬਾਲ ਕੱਚੇ ਤਹਿਸੀਲਦਾਰ ਯੂਨੀਅਨ ਤੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਤੇ ਵਰੁਣ ਖੇੜਾ, ਮੈਰੀਟੋਰੀਅਸ ਯੂਨੀਅਨ ਤੋਂ ਡਾ. ਟੀਨਾ, ਸਿਮਰਨ ਅਤੇ ਰਾਕੇਸ਼ ਅਤੇ ਬੇਰੁਜ਼ਗਾਰ ਬੀ.ਐੱਡ. ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਘੁਬਾਇਆ, ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।

Leave a Comment

Your email address will not be published. Required fields are marked *

Scroll to Top