ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਅਤੇ 4 ਪਿਸਤੌਲਾਂ ਸਮੇਤ ਦੋ ਗ੍ਰਿਫਤਾਰ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ 4.108 ਕਿਲੋ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ (21) ਵਾਸੀ ਪਿੰਡ ਲਹੂਕਾ, ਤਰਨਤਾਰਨ ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਮੁਹੱਲਾ ਜਸਵੰਤ ਸਿੰਘ ਨਗਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ (ਆਸਟ੍ਰੀਆ ਦੇ ਬਣੇ) ਅਤੇ ਦੋ .30 ਬੋਰ ਦੇ ਪਿਸਤੌਲ (ਚੀਨੀ ਬਣੇ) ਅਤੇ ਪੰਜ ਜਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਡਰੋਨਾਂ ਰਾਹੀਂ ਭੇਜੀਆਂ ਜਾਂਦੀਆਂ ਸਨ ਜੋ ਬਾਅਦ ਵਿੱਚ ਉਕਤ ਮੁਲਜ਼ਮਾਂ ਵੱਲੋਂ ਪ੍ਰਾਪਤ ਕਰਕੇ ਸਪਲਾਈ ਕੀਤੀਆਂ ਜਾਂਦੀਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਬੈਕ-ਟੂ-ਬੈਕ ਲਿੰਕ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼ ਨੂੰ 2.6 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਅਗਲੇਰੀ ਕਾਰਵਾਈ ਦੌਰਾਨ ਅਤੇ ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਉਪਰੰਤ ਸਹਿ ਮੁਲਜ਼ਮ ਤਰਸੇਮ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਡੇਢ ਕਿਲੋ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ ਹਨ।

ਸੀਪੀ ਨੇ ਦੱਸਿਆ ਕਿ ਤਫ਼ਤੀਸ਼ ਅਨੁਸਾਰ ਮੁਲਜ਼ਮ ਤਰਸੇਮ ਉਰਫ਼ ਕੈਰੋਂ ਖ਼ਿਲਾਫ਼ ਐਨਡੀਪੀਐਸ ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਇਰਾਦਾ ਕਤਲ ਦੇ 16 ਮੁਕੱਦਮੇ ਦਰਜ ਹਨ ਅਤੇ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਦਾ ਸਾਥੀ ਹੈ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨਾ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ ਕੰਮ ਕਰਵਾਉਣ ਲਈ ਕਿਹਾ ਸੀ।

ਇਸ ਸਬੰਧੀ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਅੰਮ੍ਰਿਤਸਰ ਵਿਖੇ ਐੱਫ.ਆਈ.ਆਰ ਨੰਬਰ 68 ਮਿਤੀ 26-04-2026 ਦਰਜ ਕੀਤੀ ਗਈ ਹੈ।

The post ਸਰਹੱਦ ਪਾਰ ਤਸਕਰੀ ਦਾ ਮੋਡਿਊਲ ਬੇਨਕਾਬ; The post 4 ਕਿਲੋ ਹੈਰੋਇਨ ਤੇ ਚਾਰ ਪਿਸਤੌਲ ਸਮੇਤ ਦੋ ਕਾਬੂ appeared first on Pro Punjab Tv.

Leave a Comment

Your email address will not be published. Required fields are marked *

Scroll to Top