ਖੰਨਾ, 21 ਜੂਨ 2026- ਨੈਸ਼ਨਲ ਹਾਈਵੇਅ ‘ਤੇ ਖੰਨਾ ਨੇੜਲੇ ਕਸਬਾ ਬੀਜਾ ਨੇੜੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਬੱਸ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ 100 ਤੋਂ ਵੱਧ ਯਾਤਰੀ ਸਵਾਰ ਸਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ ਅਤੇ ਹਾਈਵੇ ‘ਤੇ ਹਫੜਾ-ਦਫੜੀ ਮਚ ਗਈ। ਹਾਲਾਂਕਿ, ਖੁਸ਼ਕਿਸਮਤੀ ਨਾਲ, ਸਾਰੇ ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਡੀ.ਐਮ ਖੰਨਾ, ਸਥਾਨਕ ਪੁਲਿਸ ਪਾਰਟੀਆਂ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਆਪਣੀਆਂ ਗੱਡੀਆਂ ਸਮੇਤ ਮੌਕੇ ‘ਤੇ ਪਹੁੰਚ ਗਏ | ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਬੱਸ ਬੁਰੀ ਤਰ੍ਹਾਂ ਸੜ ਚੁੱਕੀ ਸੀ। ਮੁੱਢਲੀ ਜਾਂਚ ਅਨੁਸਾਰ ਇਹ ਬੱਸ ਲੁਧਿਆਣਾ ਤੋਂ ਸਵਾਰੀਆਂ ਲੈ ਕੇ ਉੱਤਰ ਪ੍ਰਦੇਸ਼ (ਯੂਪੀ) ਅਤੇ ਬਿਹਾਰ ਜਾ ਰਹੀ ਸੀ। ਮੌਕੇ ‘ਤੇ ਪਹੁੰਚੇ ਐਸ.ਡੀ.ਐਮ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਾਰੇ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਐਸਡੀਐਮ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਅਤੇ ਜੇਕਰ ਕੋਈ ਲਾਪ੍ਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
